PUNJAB : ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ
ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਚੁਕਾਉਣਗੇ ਨਵੇਂ ਪੰਚਾਂ ਨੂੰ ਸਹੁੰ
ਵਿਧਾਨ ਸਭਾ ਸਪੀਕਰ ਸਮੇਤ 18 ਮੰਤਰੀ ਜ਼ਿਲ੍ਹਾ ਪੱਧਰੀ ਸਮਾਗਮਾਂ ’ਚ ਕਰਨਗੇ ਸ਼ਿਰਕਤ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ ਕਰਵਾਇਆ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਸਹੁੰ ਚੁੱਕ ਸਮਾਗਮ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 18 ਮੰਤਰੀ ਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਸਬੰਧੀ ਸਰਕਾਰ ਵੱਲੋਂ ਇੱਕ ਸੂਚੀ ਜਾਰੀ ਕੀਤੀ ਗਈ ਹੈ।
ਹਾਲਾਂਕਿ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਉਪ ਚੋਣਾਂ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਸਹੁੰ ਚੁੱਕ ਸਮਾਗਮ ਦੇ ਆਯੋਜਨ ਦੀ ਜ਼ਿੰਮੇਵਾਰੀ ਡੀ.ਸੀ. ਨਿਭਾਉਣਗੇ। ਸੂਬੇ ਵਿੱਚ ਕੁੱਲ 83 ਹਜ਼ਾਰ ਪੰਚ ਚੁਣੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਇਆ ਸੀ । ਇਸ ਵਿੱਚ ਕਰੀਬ 11 ਹਜ਼ਾਰ ਸਰਪੰਚਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/