PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸਮੂਹ ਸਿੱਖ ਸੰਗਤਾਂ ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਚੀਮਾ ਨੇ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਜੀ ਇੱਕ ਮਹਾਨ ਅਧਿਆਤਮਕ ਗੁਰੂ ਸਨ, ਜਿਨ੍ਹਾਂ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ। ਸ੍ਰੀ ਗੁਰੂ ਨਾਨਕ ਜੀ ਨੇ ਕਿਰਤੀ ਲੋਕਾਂ ਦਾ ਸਤਿਕਾਰ ਕੀਤਾ ਅਤੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠ, ਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ। ਉਹਨਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/