PUNJAB : ਵਿਧਾਨ ਸਭਾ ਦੀਆਂ 4 ਸੀਟਾਂ ਤੇ ਜ਼ਿਮਨੀ ਚੋਣਾਂ ਅੱਜ
831 ਪੋਲਿੰਗ ਸਟੇਸ਼ਨਾਂ ‘ਤੇ 6 ਲੱਖ 96 ਹਜ਼ਾਰ 965 ਵੋਟਰ ਪਾਉਣਗੇ ਵੋਟ
ਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਤਾਇਨਾਤ
ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ
ਚੰਡੀਗੜ੍ਹ, 20ਨਵੰਬਰ (ਵਿਸ਼ਵ ਵਾਰਤਾ) ਅੱਜ (20ਨਵੰਬਰ ,ਬੁੱਧਵਾਰ) ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਤੇ ਜ਼ਿਮਨੀ ਚੋਣ ਹੋਣ ਵਾਲੀ ਹੈ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ । ਜਦਕਿ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾ ਰਿਹਾ ਹੈ। ਉਨ੍ਹਾਂ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 10-ਡੇਰਾ ਬਾਬਾ ਨਾਨਕ ਵਿੱਚ ਕੱਲ 1 ਲੱਖ 93 ਹਜ਼ਾਰ 376 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 701 ਹੈ। ਉੱਥੇ ਹੀ 44-ਚੱਬੇਵਾਲ (ਐਸ.ਸੀ) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 205 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 50 ਹੈ। ਚੱਬੇਵਾਲ (ਐੱਸ.ਸੀ) ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1044 ਹੈ।
ਉਨ੍ਹਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿੱਚ ਕੁੱਲ 1 ਲੱਖ 66 ਹਜ਼ਾਰ 731 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 173 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 96 ਹੈ। ਗਿੱਦੜਬਾਹਾ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1148 ਹੈ। ਦੂਜੇ ਪਾਸੇ 103-ਬਰਨਾਲਾ ਵਿੱਚ ਕੁੱਲ 1 ਲੱਖ 77 ਹਜ਼ਾਰ 426 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 212 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 37 ਹੈ। ਇੱਥੇ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 975 ਹੈ।
ਸਿਬਿਨ ਸੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















