PUNJAB : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕ੍ਹੱਲ ਤੋਂ ਬੈਠਣਗੇ ਮਰਨ ਵਰਤ ‘ਤੇ
ਚੰਡੀਗੜ੍ਹ, 25ਨਵੰਬਰ(ਵਿਸ਼ਵ ਵਾਰਤਾ) ਕੱਲ੍ਹ 26 ਨਵੰਬਰ ਮੰਗਲਵਾਰ ਤੋਂ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਫ਼ਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੀਆਂ ਸਰਹੱਦਾ ਉੱਪਰ ਅਪਣੀਆ ਹੱਕੀਂ ਮੰਗਾਂ ਜਿਹਨਾਂ ਵਿੱਚ ਐੱਮ.ਐੱਸ.ਪੀ. ਦਾ ਗਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੇ 3²+50 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ, 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ, ਮਨਰੇਗਾ ਮਜਦੂਰਾਂ ਨੂੰ ਸਾਲ ਵਿਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ, ਮਸਾਲੇ ਕਮਿਸ਼ਨ ਦੇ ਗਠਨ ਸਮੇਤ ਹੋਰ ਕਈ ਮੰਗਾਂ ਸ਼ਾਮਲ ਹਨ, ਨੂੰ ਲਾਗੂ ਕਰਵਾਉਣ ਲਈ ਅੰਦੋਲਨ ਜਾਰੀ ਹੈ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ (ਭਾਰਤ) ਦੀ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਦੇਸ਼ ਦੇ ਕਈ ਸੂਬਿਆਂ ’ਚ ਮਰਨ ਵਰਤ ਦੇ ਸਮਰਥਨ ’ਚ 26 ਨਵੰਬਰ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/