PUNJAB : ਢੱਡਰੀਆਂ ਵਾਲੇ ਦੇ ਡੇਰੇ ‘ਚ ਕੁੜੀ ਦੀ ਮੌਤ ਦਾ ਮਾਮਲਾ
ਹਾਈਕੋਰਟ ਵੱਲੋਂ ਡੀਜੀਪੀ ਪੰਜਾਬ ਤੋਂ ਜਵਾਬ ਤਲਬ
ਚੰਡੀਗੜ੍ਹ, 30ਨਵੰਬਰ(ਵਿਸ਼ਵ ਵਾਰਤਾ) ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ‘ਚ 12 ਸਾਲ ਪਹਿਲਾਂ ਇੱਕ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ ਦੇ ਡੀਜੀਪੀ ਨੂੰ ਜਵਾਬ ਤਲਬ ਕੀਤਾ ਹੈ। ਸ਼ੁੱਕਰਵਾਰ ਸੁਣਵਾਈ ਦੌਰਾਨ ਹਾਈਕੋਰਟ ਨੇ ਡੀਜੀਪੀ ਨੂੰ ਪੁੱਛਿਆ ਕਿ 12 ਸਾਲ ਪੁਰਾਣੇ ਮੌਤ ਦੇ ਮਾਮਲੇ ਦੀ ਬਿਨਾਂ FIR ਦਰਜ ਕੀਤੇ ਜਾਂਚ ਕਿਵੇਂ ਕੀਤੀ ਗਈ? ਹਾਈਕੋਰਟ ਨੇ ਇਹ ਵੀ ਪੁੱਛਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੁਣ ਕੀ ਕਾਰਵਾਈ ਕੀਤੀ ਜਾਵੇਗੀ ? ਅਦਾਲਤ ਨੇ ਕਿਹਾ ਕਿ ਜਦੋਂ SSP ਪਟਿਆਲਾ ਦੀ ਰਿਪੋਰਟ ਵਿੱਚ ਮੌਤ ਦੀ ਗੱਲ ਕੀਤੀ ਜਾ ਰਹੀ ਹੈ ਤਾਂ FIR ਦਰਜ ਕਿਉਂ ਨਹੀਂ ਕੀਤੀ ਗਈ। ਹਾਈਕੋਰਟ ਨੇ ਕਿਹਾ ਕਿ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਜੇਕਰ ਮੌਤ ਹੋਈ ਸੀ ਤਾਂ ਐਫਆਈਆਰ ਦਰਜ ਹੋਣੀ ਚਾਹੀਦੀ ਸੀ, ਇਹ ਵੱਡੀ ਲਾਪ੍ਰਵਾਹੀ ਹੈ। ਐਫਆਈਆਰ ਦਰਜ ਕੀਤੇ ਬਿਨਾਂ ਮੌਤ ਦੇ ਮਾਮਲੇ ਦੀ ਜਾਂਚ ਕਿਵੇਂ ਹੋ ਸਕਦੀ ਹੈ, ਇਹ ਵੱਡਾ ਸਵਾਲ ਹੈ। ਹਾਈ ਕੋਰਟ ਨੇ ਹੁਣ ਡੀਜੀਪੀ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਕੇ 9 ਦਸੰਬਰ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/