Punjab ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ
•ਖੇਤਰੀ ਸੈਕਟਰ ਵਿੱਚ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ: ਖੇਤੀਬਾੜੀ ਮੰਤਰੀ
•ਕਿਸਾਨਾਂ ਨੇ ਸਰਕਾਰ ਵੱਲੋਂ ਮਨਜ਼ੂਰ 22,582 ਵਿੱਚੋਂ 16,125 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ
ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 70 ਫੀਸਦ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।
30 ਨਵੰਬਰ, ਜੋ ਸਾਉਣੀ ਸੀਜ਼ਨ 2024 ਦਾ ਆਖਰੀ ਦਿਨ ਸੀ, ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 10,909 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਕਿ 2023-24 ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਰਿਪੋਰਟ ਹੋਏ 36,663 ਮਾਮਲਿਆਂ ਤੋਂ ਕਿਤੇ ਜ਼ਿਆਦਾ ਘੱਟ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਹ ਗਿਰਾਵਟ ਦਰਜ ਕੀਤੀ ਗਈ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 22,582 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16,125 ਮਸ਼ੀਨਾਂ ਸੂਬੇ ਦੇ ਕਿਸਾਨਾਂ ਵੱਲੋਂ ਖਰੀਦੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ 722 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀਜ਼.) ਸਥਾਪਤ ਕੀਤੇ ਗਏ ਸਨ।
ਇਸ ਸਾਲ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿਉਂਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਹੁੰਦਾ ਹੈ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।