Punjab: ਧੂਰੀ ‘ਚ ਅੱਜ ਆਪ ਦੀ ਰੈਲੀ: ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਹੋਵੇਗਾ ਸੂਬਾ ਪੱਧਰੀ ਸਮਾਗਮ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਕਰਨਗੇ ਲੋਕ ਅਰਪਿਤ
– ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸੰਬੋਧਨ
– ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਹੋਣਗੇ ਸ਼ਾਮਿਲ
ਧੂਰੀ, 17 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਧੂਰੀ ਵਿਖੇ ਸਬ-ਡਿਵੀਜ਼ਨਲ ਹਸਪਤਾਲ ਅਤੇ ਨਵੇਂ ਤਿਆਰ ਕੀਤੇ ਜੱਚਾ-ਬੱਚਾ ਹਸਪਤਾਲ ਨੂੰ ਲੋਕ ਅਰਪਿਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੌਕੇ ਧੂਰੀ ਵਿੱਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਦੇ ਨਾਲ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਗੇ।
ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦੇ ਲੋਕ ਅਰਪਣ ਨਾਲ ਇਲਾਕੇ ਦੇ ਲੋਕਾਂ ਨੂੰ ਆਧੁਨਿਕ ਅਤੇ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ, ਜਿਸ ਨਾਲ ਖਾਸ ਕਰਕੇ ਮਾਤਾ ਅਤੇ ਬੱਚਿਆਂ ਦੀ ਸਿਹਤ ਸੰਭਾਲ ਹੋਰ ਮਜ਼ਬੂਤ ਹੋਵੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਇਲਾਕਾ ਵਾਸੀਆਂ ਸਮੇਤ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੇ ਵਿਕਾਸ ਪੱਖੀ ਉਪਰਾਲਿਆਂ ਦੇ ਗਵਾਹ ਬਣਨ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਵਿੱਚ ਸੰਗਰੂਰ ਜ਼ਿਲ੍ਹੇ ਸਮੇਤ ਬਰਨਾਲਾ, ਮਲੇਰਕੋਟਲਾ, ਮਾਨਸਾ ਅਤੇ ਪਟਿਆਲਾ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਡਾਇਰੈਕਟਰ, ਸਮਾਲ ਇੰਡਸਟਰੀਜ਼ ਪੰਜਾਬ ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਵੀਰਭਾਨ, ਕੁਲਜੀਤ ਧਵਨ, ਜਸਪਾਲ ਭੁੱਲਰ, ਰੂਬੀ ਭੁੱਲਰ, ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























