Punjab: ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਮਗਰੋਂ ਪੰਜ ਸਿੰਘ ਸਹਿਬਾਨਾਂ ਦੇ ਵੱਡੇ ਫੈਸਲੇ
– ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਮੇਤ 3 ਵਿਅਕਤੀ ਤਨਖਾਈਏ ਕਰਾਰ

ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਹਾਜ਼ਰ ਸਨ। ਇਹ ਇਕੱਤਰਤਾ ਤਖ਼ਤ ਸ੍ਰੀ ਪਟਨਾ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਅੱਜ ਤਨਖਾਹੀਆ ਕਰਾਰ ਦਿੱਤੇ ਜਾਣ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਕਰਨ ਲਈ ਕੀਤੀ ਗਈ।
ਇਕੱਤਰਤਾ ਤੋਂ ਬਾਅਦ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਅਹਿਮ ਹੁਕਮ ਵੀ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੋਹਲ ਅਤੇ ਡਾਕਟਰ ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਗਿਆਨੀ ਗੜਗੱਜ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਸਮੂਹ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ 15 ਦਿਨਾਂ ਅੰਦਰ ਆਪਣਾ ਪੱਖ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੁੱਜ ਕੇ ਦੇਣ ਲਈ ਕਿਹਾ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਬੋਧਨ ਕਰਦਿਆਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਸਬੰਧੀ ਲਿਆ ਗਿਆ ਗੈਰ ਸਿਧਾਂਤਕ ਫ਼ੈਸਲਾ ਰੱਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ ਉੱਚਤਾ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਫੈਸਲਾ ਗੈਰ ਸਿਧਾਂਤਕ, ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























