Punjab : ਖੇਤੀਬਾੜੀ ਮੰਤਰੀ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
– ਅਧਿਕਾਰੀਆਂ ਨੂੰ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਉਣ ਦੀਆਂ ਹਦਾਇਤਾਂ ਜਾਰੀ
ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ (ਵਿਸ਼ਵ ਵਾਰਤਾ ): ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ।























