Punjab: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਤਰਨ ਤਾਰਨ ਦਾ ਕੀਤਾ ਵਿਸ਼ੇਸ਼ ਦੌਰਾ
– “ਮਰੀਜ਼ਾਂ ਦੀ ਸੇਵਾ ਵਿੱਚ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ” -ਡਾ. ਬਲਬੀਰ ਸਿੰਘ
ਤਰਨ ਤਾਰਨ, 01 ਅਗਸਤ 2025 (ਵਿਸ਼ਵ ਵਾਰਤਾ) : ਸੂਬੇ (Punjab) ਦੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹੀ ਜਿਲਾ ਹਸਪਤਾਲਾਂ, ਸਬ ਡਵੀਜ਼ਨ ਹਸਪਤਾਲਾਂ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਨਿਰਵਿਘਨ ਬਿਜਲੀ ਪਹੁੰਚਾਉਣ ਲਈ ਹਾਟਲਾਈਨ ਸਰਵਿਸ ਨਾਲ ਜੋੜਿਆ ਜਾਵੇਗਾ ਤਾਂ ਜੋ ਹਸਪਤਾਲਾਂ ‘ਚ ਇਲਾਜ ਅਧੀਨ ਨਾਗਰਿਕਾਂ, ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਪੇਸ਼ ਆਵੇ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਮੁਖੀ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਹਨਾਂ ਦੀਆਂ ਸੰਸਥਾਵਾਂ ਵਿਖੇ ਜਰਨੇਟਰ ਅਤੇ ਯੂਪੀਐਸ ਸੇਵਾ ਵੀ ਹਰ ਸਮੇਂ ਮੌਜੂਦ ਰਹੇ।
ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਤਾਰਨ ਤਾਰਨ ਵਿਖੇ ਸਥਾਪਿਤ ਆਕਸੀਜਨ ਪਲਾਂਟ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਉਨਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਕਿ ਆਕਸੀਜਨ ਪਲਾਂਟ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਹੀ ਸਹੂਲਤਾਂ ਨੂੰ ਸਮੇਂ ਸਮੇਂ ਸਿਰ ਵਾਚਿਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਨਿਰਵਿਘਨ ਸਹੀ ਢੰਗ ਨਾਲ ਸਿਹਤ ਸਹੂਲਤਾਂ ਮੁਹਈਆ ਕਰਵਾਈਆ ਜਾ ਸਕਣ।
ਸਿਹਤ ਮੰਤਰੀ ਨੇ ਆਕਸੀਜਨ ਪਲਾਂਟ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ, ਜਿੱਥੇ ਉਨਾਂ ਵੱਲੋਂ ਇਲਾਜ ਅਧੀਨ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਕਈ ਤਰ੍ਹਾਂ ਦੇ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਨਵੀਆਂ ਸਿਹਤ ਸਹੂਲਤਾਂ ਨੂੰ ਜੋੜਿਆ ਗਿਆ ਹੈ, ਜਿਨਾਂ ਵਿੱਚ ਪ੍ਰਮੁੱਖ ਤੌਰ ਤੇ ਗੈਰ ਸੰਚਾਰੀ ਰੋਗਾਂ ਦਾ ਇਲਾਜ, ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਅਤੇ ਕਿਸੇ ਵੀ ਜਾਨਵਰ ਤੇ ਕੱਟੇ ਜਾਣ ਤੇ ਐਂਟੀ ਰੇਬੀਜ਼ ਟੀਕਾਕਰਨ ਨੂੰ ਸ਼ੁਰੂ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸਿਹਤ ਸੰਸਥਾਵਾਂ ਦੇ ਮੁਖੀ ਆਪਣੇ ਆਪਣੇ ਕੇਂਦਰਾਂ ਉੱਤੇ ਸਾਰੀਆਂ ਹੀ ਸਿਹਤ ਸਹੂਲਤਾਂ ਦਾ ਮੁਆਇਨਾ ਨਿਰੰਤਰ ਕਰਨ ਤਾਂ ਜੋ ਨਾਗਰਿਕਾਂ ਨੂੰ ਇਲਾਜ ਦੌਰਾਨ ਕੋਈ ਵੀ ਸਮੱਸਿਆ ਨਾ ਪੇਸ਼ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕਰਨ ਤਾਂ ਜੋ ਨਾਗਰਿਕਾਂ ਨੂੰ ਇਹਨਾਂ ਦਾ ਲਾਭ ਮਿਲ ਸਕੇ।
ਇਸ ਤੋਂ ਇਲਾਵਾ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਤੋਂ ਇਲਾਵਾ ਸਮਾਜ ਦਾ ਹਰ ਇੱਕ ਵਰਗ ਅਤੇ ਸਰਕਾਰੀ ਵਿਭਾਗ ਡੇਂਗੂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਹਰ ਇੱਕ ਵਿਅਕਤੀ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਫਾਈ ਪ੍ਰਤੀ ਬਣਦੀ ਜਿੰਮੇਵਾਰੀ ਨੂੰ ਨਿਭਾਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























