Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ ਬੀਤੇ ਦਿਨ 18 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਮਾਮਲੇ ਦੀ ਜਲਦ ਸੁਣਵਾਈ ਦੀ ਮੰਗ ਕੀਤੀ।
ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਰਾਜੋਆਣਾ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਕੇਂਦਰ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਕਈ ਵਾਰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਮਾਮਲਾ ਪਿਛਲੇ ਢਾਈ ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਹੈ।
ਸੁਣਵਾਈ ਦੌਰਾਨ ਜਸਟਿਸ ਨਾਥ ਨੇ ਕਿਹਾ ਕਿ ਦੋ ਜੱਜਾਂ ਦੀ ਬੈਂਚ ਉਸ ਮਾਮਲੇ ਦੀ ਸੁਣਵਾਈ ਨਹੀਂ ਕਰ ਸਕਦੀ, ਜੋ ਪਹਿਲਾਂ ਹੀ ਤਿੰਨ ਜੱਜਾਂ ਦੀ ਬੈਂਚ ਨੂੰ ਸੌਂਪਿਆ ਜਾ ਚੁੱਕਾ ਹੈ। ਅਦਾਲਤ ਨੇ ਰੋਹਤਗੀ ਨੂੰ ਕਿਹਾ ਕਿ ਮਾਮਲੇ ਦੀ ਲਿਸਟਿੰਗ ਲਈ ਮੁੱਖ ਜੱਜ (CJI) ਨਾਲ ਸੰਪਰਕ ਕੀਤਾ ਜਾਵੇ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਮਾਮਲੇ ਨੂੰ ਉਦੋਂ ਲਿਸਟ ਕੀਤਾ ਜਾਵੇਗਾ, ਜਦੋਂ ਤਿੰਨ ਜੱਜਾਂ ਦੀ ਬੈਂਚ ਦਾ ਗਠਨ ਹੋ ਜਾਵੇਗਾ।
ਇਸ ਤਰ੍ਹਾਂ ਬੀਤੇ ਦਿਨ ਦੀ ਸੁਣਵਾਈ ਵਿੱਚ ਰਹਿਮ ਦੀ ਪਟੀਸ਼ਨ ’ਤੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ ਅਤੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਜੱਜਾਂ ਦੀ ਬੈਂਚ ਅੱਗੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























