PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ)PUNJAB : ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।
ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ।
ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਸਨੀਕ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਵਿਆਪਕ ਨੈਟਵਰਕ ਵਿੱਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਅਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਧੀਨ ਹਸਪਤਾਲ ਵਿੱਚ ਭਰਤੀ ਹੋਣ ‘ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ.ਸੀ.ਯੂ. ਅਤੇ ਗੰਭੀਰ ਦੇਖਭਾਲ ਸੇਵਾਵਾਂ, ਬੀਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਅਨੁਸਾਰ ਵਰਤੋਂ ਵਾਲਾ ਸਮਾਨ, ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇੱਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ, ਇਹ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਲੈਣ ਦਾ ਹੱਕਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਆਮਦਨ ਸਬੰਧੀ ਕੋਈ ਸੀਮਾ ਨਹੀਂ ਰੱਖੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























