Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ
ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਾਨੂ ਸਾਰਦਾ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਫ਼ਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੂੰ 26 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ ਸੀ। ਜਿਸ ਤੋਂ ਬਾਅਦ SSP ਦਿੱਤੇ ਗਏ ਸਮੇਂ ਅਨੁਸਾਰ ED ਅੱਗੇ ਪੇਸ਼ ਹੋਏ ਅਤੇ ED ਵੱਲੋਂ ਉਨ੍ਹਾਂ ਤੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ ਗਈ।
ED ਵੱਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਪੁੱਛੇ ਗਏ ਸਾਰੇ ਸਵਾਲਾਂ ਦੇ ਸਪੱਸ਼ਟ ਜਵਾਬ ਦਿੱਤੇ ਗਏ ਹਨ। ਇਸ ਤੋਂ ਇਲਾਵਾ ਈਡੀ ਵੱਲੋਂ ਮੰਗੇ ਗਏ ਦਸਤਾਵੇਜ਼ ਵੀ ਮੁਹੱਈਆ ਕਰਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਏਜੰਸੀ ਭਵਿੱਖ ਵਿੱਚ ਦੁਬਾਰਾ ਬੁਲਾਉਂਦੀ ਹੈ ਤਾਂ ਉਹ ਪੇਸ਼ ਹੋਣਗੇ। ਕ੍ਰਿਸ਼ਾਨੂ ਸਾਰਦਾ ਨਾਲ ਆਪਣੇ ਸਬੰਧਾਂ ਬਾਰੇ ਪੁੱਛੇ ਜਾਣ ’ਤੇ ਐੱਸਐੱਸਪੀ ਨੇ ਦੱਸਿਆ ਕਿ ਦੋਵਾਂ ਦੀ ਜਾਣ-ਪਛਾਣ ਹਾਕੀ ਖੇਡਣ ਕਾਰਨ ਹੋਈ ਸੀ ਅਤੇ ਇਸੇ ਜਾਣ-ਪਛਾਣ ਦੇ ਸਬੰਧ ਵਿੱਚ ਈਡੀ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਸੱਦਿਆ ਸੀ।
ਇਸ ਮਾਮਲੇ ਦੀ ਜਾਂਚ ਦੌਰਾਨ ਈਡੀ ਵੱਲੋਂ ਕਈ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਸਾਬਕਾ ਆਈਏਐੱਸ ਅਧਿਕਾਰੀ ਅਰੁਣ ਸੇਖੜੀ ਸਮੇਤ ਹੋਰ ਅਧਿਕਾਰੀ ਸ਼ਾਮਲ ਹਨ। ਇਸੇ ਦੌਰਾਨ ਵੀਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਕਈ ਆਈਏਐੱਸ ਅਤੇ ਪੀਸੀਐੱਸ ਅਧਿਕਾਰੀਆਂ ਨੂੰ ਵੀ ਈਡੀ ਵੱਲੋਂ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ ਪੁੱਛਗਿੱਛ ਲਈ ਤਲਬ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਨ੍ਹਾਂ ਵਿੱਚ ਨੀਰੂ ਕਟਿਆਲ ਗੁਪਤਾ ਅਤੇ ਗੁਰਪ੍ਰੀਤ ਕੌਰ ਸਪਰਾ ਦੇ ਨਾਂ ਵੀ ਸ਼ਾਮਲ ਦੱਸੇ ਗਏ ਹਨ।























