Punjab: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਚੰਡੀਗੜ੍ਹ, 12 ਅਗਸਤ 2025 (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ (Punjab) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ।

ਦੱਸ ਦਈਏ ਕਿ ਬੀਤੇ ਦਿਨ ਵੀ ਮਜੀਠਿਆ ਦੀ ਜਮਾਨਤ ਅਰਜੀ ‘ਤੇ ਸੁਣਵਾਈ ਹੋਈ ਸੀ ਅਤੇ ਲਗਭਗ ਡੇਢ ਘੰਟਾ ਬਹਿਸ ਹੋਈ ਸੀ। ਅਦਾਲਤ ‘ਚ ਸੁਣਵਾਈ ਦੌਰਾਨ ਮਜੀਠੀਆ ਦੀ ਪਤਨੀ ਤੇ ਵਿਧਾਇਕ ਗੁਨੀਵ ਕੌਰ ਵੀ ਮੌਜੂਦ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨਾ ਮਿਲਣ ਕਾਰਨ ਜੇਲ੍ਹ ਵਿੱਚ ਹੀ ਰੱਖੜੀ ਦਾ ਤਿਓਹਾਰ ਮਨਾਉਣਾ ਪਿਆ। ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਆਈ ਸੀ, ਪਰ ਹਰਸਿਮਰਤ ਨੇ ਜੇਲ੍ਹ ਅਧਿਕਾਰੀਆਂ ‘ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























