Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ
ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪੰਜਾਬ ਆ ਰਹੇ ਹਨ ਹਨ। ਆਪਣੀ ਪੰਜਾਬ ਫੇਰੀ ਦੌਰਾਨ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2,558 ਕਿਲੋਮੀਟਰ ਲੰਬੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕਰਨਗੇ। ਇਸ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਜਲੰਧਰ ਦੇ ਪਿੰਡ ਰਾਏਪੁਰ ਤੋਂ ਹੋਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਪੰਜਾਬ ਵਿੱਚ ਇਹ ਯਾਤਰਾ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘੇਗੀ। ਪੰਜਾਬ ਵਿੱਚ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚ ਲਗਭਗ 700 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।
ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 46 ਸ਼ਹਿਰਾਂ ਵਿੱਚੋਂ ਲੰਘੇਗੀ। ਇਸ ਦੌਰਾਨ 29 ਵੱਡੀਆਂ ਜਨ ਸਭਾਵਾਂ ਅਤੇ 27 ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਏ ਜਾਣਗੇ। ਯਾਤਰਾ ਦੀ ਸਮਾਪਤੀ 3 ਦਸੰਬਰ ਨੂੰ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਹੋਵੇਗੀ।























