Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ
ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋਂ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਆਪ੍ਰੇਸ਼ਨ ਸ਼ਹੀਦ (Operation SHAHID) ਤਹਿਤ 10 ਮਹੀਨਿਆਂ ਦੀ ਲੰਬੀ ਅੰਤਰਰਾਸ਼ਟਰੀ ਭਾਲ ਤੋਂ ਬਾਅਦ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ (ਹਵਾਲਗੀ) ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਨਾਲ ਸਬੰਧਤ ਫਾਇਰਿੰਗ ਦੀਆਂ ਘਟਨਾਵਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਦੇ ਨਿਰਦੇਸ਼ ਦੇ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।
ਇਸ ਆਪਰੇਸ਼ਨ ਦੌਰਾਨ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਕਈ ਦੇਸ਼ਾਂ ਵਿੱਚ ਲਗਾਤਾਰ ਖੁਫ਼ੀਆ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਰੱਖਣ ਅਤੇ ਟ੍ਰੈਕਿੰਗ ਦੀ ਪ੍ਰਕਿਰਿਆ ਚਲਾਈ ਗਈ, ਜਿਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਰੱਖਿਆ ਗਿਆ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ, ਉਨ੍ਹਾਂ ਕਿਹਾ ਕਿ, ਅਸੀਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ। ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧਾਂ ਨੂੰ ਰੋਕਣ ਅਤੇ ਪੂਰੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।























