Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ
ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ (AAP) ਦੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੇ ਪੈਰ ਨਹੀਂ ਲੱਗ ਰਹੇ, ਇਸ ਲਈ ਪੰਜਾਬ ਦੇ ਸਹਿ-ਇੰਚਾਰਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਜਿਸ ਕੇਸ ਦੀ ਗੱਲ ਕੀਤੀ ਜਾ ਰਹੀ ਹੈ, ਉਸ ਸਮੇਂ ਜੈਨ ਖੁਦ ਜੇਲ੍ਹ ਵਿੱਚ ਸਨ।” ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਦਾਲਤ ਤੋਂ ਇਨਸਾਫ਼ ਮਿਲੇਗਾ।
ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਬੀਜੇਪੀ ਨੇ ਇੱਕ ਤਰੀਕਾ ਲੱਭਿਆ ਕਿ ਜਿੱਥੇ ਚੋਣਾਂ ਹੋ ਰਹੀਆਂ ਹੋਣ, ਉੱਥੇ ਵਿਰੋਧੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ 2-3 ਮਹੀਨਿਆਂ ਲਈ ਜੇਲ੍ਹ ਵਿੱਚ ਪਾ ਦਿਓ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕੰਮ ਕਰਨ ਦਾ ਤਰੀਕਾ ‘ਐਂਟੀ-ਡੈਮੋਕ੍ਰੇਟਿਕ’ ਹੈ ਅਤੇ ਪਾਰਟੀ ਕਥਿਤ ਤੌਰ ’ਤੇ ਘਟੀਆ ਹੱਥਕੰਡੇ ਵਰਤ ਰਹੀ ਹੈ। ਮਾਨ ਨੇ ਦਿੱਲੀ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀਆਂ ਗ੍ਰਿਫ਼ਤਾਰੀਆਂ ਦਾ ਵੀ ਜ਼ਿਕਰ ਕੀਤਾ।
ED ਦੇ ਪੱਤਰਾਂ ਬਾਰੇ CM ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ, ਪਰ ਉਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ, “ਮੈਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ।” ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਪਹਿਲਾਂ ਆਪਣੀ ਅੰਦਰੂਨੀ ਲੜਾਈ ਸੁਲਝਾਉਣ ਦੀ ਸਲਾਹ ਵੀ ਦਿੱਤੀ।
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਜੁੜੇ ਸਵਾਲ ’ਤੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਸਰਕਾਰ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੇਂਦਰ ਸਰਕਾਰ/ਭਾਜਪਾ ਨੂੰ ਕਰਨਾ ਹੈ। ਮਾਨ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਆਧਾਰ ’ਤੇ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























