ਫਰੀਦਕੋਟ 28 ਨਵੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਫਰੀਦਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਦਰਸ਼ਨਾਂ ਲਈ ਬੱਸਾਂ ਰਵਾਨਾ ਹੋਈਆਂ। ਹਲਕਾ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਬੇਅੰਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸੇ ਤਰ੍ਹਾਂ ਹਲਕਾ ਕੋਟਕਪੂਰਾ ਦੇ ਪਿੰਡ ਟਹਿਣਾ ਤੋਂ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਹਲਕਾ ਜੈਤੋ ਦੇ ਪਿੰਡ ਬੱਗੇਆਣਾ ਤੋਂ ਸਰਧਾਲੂਆਂ ਦੀ ਬੱਸ ਨੂੰ ਸਰਪੰਚ ਬੱਗੇਆਣਾ ਸੰਦੀਪ ਕੌਰ ਅਤੇ ਸਰਪੰਚ ਬੱਗੇਆਣਾ ਖੁਰਦ ਤਾਰਾ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਮੈਡਮ ਬੇਅੰਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਰ ਵਰਗ ਦੇ ਲੋਕਾਂ ਲਈ ਹੈ ਅਤੇ ਇਸ ਤਹਿਤ ਅੱਜ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਵਰਗ ਲਈ ਤੀਰਥ ਯਾਤਰਾ ਯੋਜਨਾ ਸ਼ੁਰੂ ਕਰ ਕੇ ਸਰਬ ਸਾਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਸ੍ਰੀ ਅੰਮ੍ਰਿਤਸਰਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਤੀਰਥ ਯਾਤਰਾ ਯੋਜਨਾ ਚਲਾਉਣ ਲਈ ਧੰਨਵਾਦ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























