Punjab ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲੇ
ਹੜ੍ਹ ਪੀੜਤ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ
“ਜਿਸਦਾ ਖੇਤ, ਉਸਦੀ ਰੇਤ” ਸਕੀਮ ਨੂੰ ਵੀ ਮਨਜ਼ੂਰੀ
ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿੱਚ ਸ਼ਾਮਲ ਹੋਏ। ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ “ਪੰਜਾਬ ਸਰਕਾਰ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ।” ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਇਹ ਕਿਸੇ ਵੀ ਰਾਜ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ।
– ਇਸ ਦੇ ਨਾਲ ਹੀ ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਜਿਨ੍ਹਾਂ ਪਰਿਵਾਰਾਂ ਦੇ ਘਰ ਪਾਣੀ ਵਿੱਚ ਡੁੱਬ ਗਏ ਹਨ ਜਾਂ ਤਬਾਹ ਹੋ ਗਏ ਹਨ, ਉਨ੍ਹਾਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ ਨੁਕਸਾਨ ਦਾ ਮੁਲਾਂਕਣ ਹੁੰਦੇ ਹੀ ਸਰਕਾਰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।
– ਕਿਸਾਨਾਂ ਨੂੰ ਸੁਸਾਇਟੀਆਂ ਜਾਂ ਸਹਿਕਾਰੀ ਬੈਂਕਾਂ ਤੋਂ ਲਏ ਕਰਜ਼ੇ ਵਾਪਸ ਕਰਨ ਲਈ ਛੇ ਮਹੀਨੇ ਦੀ ਛੋਟ ਦਿੱਤੀ ਗਈ ਹੈ।
– ਇਸ ਦੇ ਨਾਲ ਹੀ ਜਿਸਦੀ ਜ਼ਮੀਨ, ਉਸਦੀ ਰੇਤ” ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕਿਸਾਨ ਆਪਣੀ ਜ਼ਮੀਨ ਤੋਂ ਰੇਤ/ਮਿੱਟੀ ਕੱਢ ਸਕਣਗੇ ਅਤੇ ਜੇਕਰ ਉਹ ਚਾਹੁਣ ਤਾਂ ਇਸਨੂੰ ਵੇਚ ਵੀ ਸਕਦੇ ਹਨ।
– ਹੜ੍ਹਾਂ ਕਾਰਨ ਵੱਡੀ ਗਿਣਤੀ ‘ਚ ਪਸ਼ੂਧਨ ਦਾ ਵੀ ਨੁਕਸਾਨ ਹੋਇਆ ਹੈ। ਸਰਕਾਰ ਇਸਦੀ ਭਰਪਾਈ ਕਰੇਗੀ। ਨਾਲ ਹੀ, ਜਾਨਵਰਾਂ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
– ਹੜ੍ਹ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ, ਲਗਭਗ 1700 ਪਿੰਡਾਂ ਅਤੇ 300 ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ। ਕਲੀਨਿਕ ਸਥਾਪਤ ਕਰਕੇ ਡਾਕਟਰਾਂ ਦੀ ਇੱਕ ਟੀਮ ਹਰ ਪਿੰਡ ਵਿੱਚ ਭੇਜੀ ਜਾਵੇਗੀ।























