PUNJAB ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ; ਬੇਅਦਬੀ ਬਿੱਲ ਨੂੰ ਮਿਲੀ ਮਨਜ਼ੂਰੀ
– ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦਾ ਹੈ ਬਿੱਲ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਪੰਜਾਬ (PUNJAB) ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਕਾਨੂੰਨ ਤਹਿਤ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ਇਹ ਬਿੱਲ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਇਸਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਤੋਂ ਰਾਏ ਲਈ ਜਾਵੇਗੀ।

ਕੈਬਨਿਟ ਮੀਟਿੰਗ ਤੋਂ ਬਾਅਦ ਬੈਠਕ ‘ਚ ਲਏ ਗਏ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਦੱਸਿਆ ਕਿ ਸਰਕਾਰ ਅਜਿਹਾ ਕਾਨੂੰਨ ਲਿਆਉਣਾ ਚਾਹੁੰਦੀ ਹੈ ਜੋ ਸਥਾਈ ਹੋਵੇ ਅਤੇ ਭਵਿੱਖ ਵਿਚ ਵੀ ਮਜ਼ਬੂਤੀ ਨਾਲ ਲਾਗੂ ਹੋਵੇ। ਇਸ ਲਈ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ – ਪੇਸ਼ੀ ਨਹੀਂ ਛੱਡੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਹ ਨਵਾਂ ਕਾਨੂੰਨ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਵੇਗਾ। ਬੇਅਦਬੀ ਦੇ ਕੇਸਾਂ ਲਈ ਵਿਸ਼ੇਸ਼ ਅਦਾਲਤਾਂ ਗਠਿਤ ਕੀਤੀਆਂ ਜਾਣਗੀਆਂ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























