Punjab: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੈਬਨਿਟ ਮੰਤਰੀ ਹੋਏ ਨਤਮਸਤਕ, ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ
ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ: ਹਰਭਜਨ ਸਿੰਘ
ਕਿਹਾ, ਫਿਰੋਜ਼ਪੁਰ ਜ਼ਿਲ੍ਹੇ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ ਪੰਜਾਬ ਸਰਕਾਰ
ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ
ਚੰਡੀਗੜ੍ਹ/ਫ਼ਿਰੋਜ਼ਪੁਰ, 26 ਜਨਵਰੀ (ਵਿਸ਼ਵ ਵਾਰਤਾ):- 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ ਮੁਫ਼ਤ ਬਿਜਲੀ ਦੇ ਐਲਾਨ ਤੋਂ ਬਾਅਦ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਗਿਆ ਗਿਆ ਹੈ ਜੋ ਕਿ ਭਾਰਤ ਵਿੱਚ ਕਿਸੇ ਸੂਬਾ ਸਰਕਾਰ ਦੁਆਰਾ ਇਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਉਪਲੱਬਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਲਈ ਖ਼ੇਤੀਬਾੜੀ ਖੇਤਰ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਲਈ ਕੁੱਲ 9330 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਰਾਜ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਉਠਾਏ ਗਏ ਹਨ ਅਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੰਡ ਕੀਤੀ ਗਈ ਹੈ। ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਿੰਥੈਟਿਕ ਐਥਲੇਟਿਕ ਟਰੈਕ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਰਿਸ ਉਲੰਪਿਕਸ ਵਿੱਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿਚੋਂ 19 ਖਿਡਾਰੀ ਪੰਜਾਬ ਦੇ ਸਨ ਜੋ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਸਮੇਤ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਤੇ ਰਾਜਮਾਤਾ ਦੀਆਂ ਸਮਾਰਕਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਦੇਸ਼ ਵਿੱਚ ਰਹਿ ਰਹੇ ਹਾਂ।ਇਸ ਮੌਕੇ ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਿਜਦਾ ਕੀਤਾ ਅਤੇ ਸਮੂਹ ਦੇਸ਼ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸਾਡੇ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਦੇ ਹੋਏ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਖੁਸ਼ਹਾਲੀ ਤੇ ਉੱਨਤੀ ਲਈ ਹਰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਤੇ ਮੱਛੀ ਪਾਲਣ, ਲੀਡ ਬੈਂਕ, ਸੀ.ਐਮ. ਦੀ ਯੋਗਸ਼ਾਲਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨਗਰ ਕੌਂਸਲ ਵੱਲੋਂ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਇਤਿਹਾਸਕ ਦਿਹਾੜੇ ‘ਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਯੂਥ ਕਲੱਬਾਂ, ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸ. ਰਣਜੀਤ ਸਿੰਘ ਢਿੱਲੋਂ, ਐਸ.ਪੀ. (ਡੀ) ਸ੍ਰੀ ਰਣਧੀਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਲਖਵਿੰਦਰ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ. ਬਲਰਾਜ ਸਿੰਘ ਕਟੋਰਾ, ਸ੍ਰੀ ਧਾਰਾਵਤ ਸਾਈ ਪ੍ਰਕਾਸ਼ ਆਈ.ਪੀ.ਐਸ. (ਅੰਡਰ ਟ੍ਰੇਨਿੰਗ) ਸਮੇਤ ਜ਼ਿਲ੍ਹੇ ਦਾ ਸਮੂਹ ਵਿਭਾਗਾਂ ਦੇ ਮੁਖੀ, ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
—————-