Punjab: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ
ਸ੍ਰੀ ਆਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ ਜੀਵ ਰੱਖ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ
ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ):- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਵਾਈਲਡਲਾਈਫ ਸੈਂਚੁਰੀ ਨੂੰ ਵਿਕਸਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਵਾਤਾਵਰਣ ਸੰਭਾਲ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਰਾਜ ਵਿੱਚ ਹਰਿਆਲੀ ਅਧੀਨ ਰਕਬੇ ਵਧਾਉਣ ਅਤੇ ਜੈਵ-ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲਗਭਗ 3 ਕਰੋੜ ਪੌਦੇ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਟਿਊਬਵੈੱਲਾਂ ਦੇ ਆਲੇ-ਦੁਆਲੇ 29 ਲੱਖ ਪੌਦੇ ਲਾਉਣਾ ਸ਼ਾਮਲ ਹੈ। ਇਸ ਦੇ ਨਾਲ ਹੀ ਵਾਤਾਵਰਣ ਸੰਤੁਲਨ ਨੂੰ ਉਤਸ਼ਾਹਿਤ ਕਰਨ ਲਈ ਮੌਜੂਦਾ ਸਾਲ ਵਿੱਚ 268 ਨਾਨਕ ਬਗੀਚੀਆਂ ਅਤੇ 46 ਪਵਿੱਤਰ ਵਣ ਲਾਏ ਜਾ ਰਹੇ ਹਨ।