Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਪੰਜਾਬ ਸੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਦੇ ਫ਼ੈਸਲੇ ‘ਤੇ ਖੁੱਲ੍ਹੇ ਤੌਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਨਿਯੁਕਤੀ ਤੋਂ ਪਹਿਲਾਂ ਸੀਨੀਅਰ ਆਗੂਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ, ਨਾ ਹੀ ਇਸ ਬਾਰੇ ਮੇਰੇ ਨਾਲ ਕੋਈ ਗੱਲਬਾਤ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੈਨੂੰ ਨਹੀਂ ਲੱਗਦਾ ਕਿ ਢਿੱਲੋਂ ਉਸ ਸਥਿਤੀ ਵਿੱਚ ਹਨ, ਕਿ ਭਾਜਪਾ ਉਨ੍ਹਾਂ ਤੋਂ ਕੋਈ ਉਮੀਦ ਕਰੇ, ਉਹ ਭਾਜਪਾ ਦੀ ਉਹ ਉਮੀਦ ਪੂਰੀ ਨਹੀਂ ਕਰਦਾ ਸਕਦਾ, ਜਿਸ ਨੂੰ ਲੈ ਕੇ ਕੇਵਲ ਢਿੱਲੋਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਢਿੱਲੋਂ ਨੂੰ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਢਿੱਲੋਂ ਮੇਰਾ ਇੱਕ ਪੁਰਾਣਾ ਦੋਸਤ ਹੈ, ਪਰ ਦੋਸਤੀ ਇੱਕ ਅਲੱਗ ਚੀਜ਼ ਹੈ, ਅਤੇ ਰਾਜਨੀਤਿਕ ਯੋਗਤਾ ਦੂਜੀ ਚੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੂੰ ਹਟਾਉਣ ਦੀ ਕੋਈ ਲੋੜ ਨਹੀਂ ਸੀ। ਦੋਵੇਂ ਵਧੀਆ ਕੰਮ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਵਿੱਚ ਫੈਸਲੇ ਉੱਪਰੋਂ ਆਉਂਦੇ ਹਨ, ਜਦੋਂ ਕਿ ਕਾਂਗਰਸ ਵਿੱਚ ਰਾਏ ਮੰਗੀ ਜਾਂਦੀ ਸੀ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕੇਵਲ ਢਿੱਲੋਂ ਦੇ ਨਾਮ ਦੀ ਸਿਫ਼ਾਰਸ਼ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਕਿਸੇ ਦਾ ਨਾਮ ਸੁਝਾਉਂਦੇ ਤਾਂ ਅਜਿਹੇ ਵਿਅਕਤੀ ਦਾ ਨਾਂਅ ਪੇਸ਼ ਕਰਦੇ ਜੋ ਪਾਰਟੀ ਨੂੰ ਅੱਗੇ ਲੈ ਜਾਣ ਦੀ ਸਮਰੱਥਾ ਰੱਖਦਾ ਹੁੰਦਾ। ਦੱਸ ਦਈਏ ਕਿ ਭਾਜਪਾ ਨੇ ਹਾਲ ਹੀ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਫ਼ੈਸਲਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।
ਪਰ ਇੱਥੇ ਇਹ ਵੀ ਦੱਸ ਦਈਏ ਕਿ ਕੇਵਲ ਸਿੰਘ ਢਿੱਲੋਂ ਦੇ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਧਾਈਆਂ ਵੀ ਦਿੱਤੀਆਂ ਗਈਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























