Punjab : ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ; ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਚੰਡੀਗੜ੍ਹ, 6 ਫਰਵਰੀ 2026 (ਵਿਸ਼ਵ ਵਾਰਤਾ) – ਬਠਿੰਡਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੁਲਿਸ ਵਿਚਾਲੇ ਅੱਜ ਸ਼ਾਮ ਝੜਪ ਹੋ ਗਈ। ਕਿਸਾਨ ਜ਼ਿਲ੍ਹਾ ਹੈੱਡਕੁਆਰਟਰ ਵੱਲ ਪ੍ਰਦਰਸ਼ਨ ਕਰਨ ਜਾ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵਧਣ ਲੱਗੇ, ਤਾਂ ਉੱਥੇ ਹਾਲਾਤ ਤਣਾਅਪੂਰਨ ਹੋ ਗਏ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।

ਦੱਸ ਦਈਏ ਕਿ ਜੇਲ੍ਹ ‘ਚ ਬੰਦ ਕਿਸਾਨ ਆਗੂ ਸ਼ਗਨਦੀਪ ਸਿੰਘ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭਾਰੀ ਪੁਲਿਸ ਫੋਰਸ ਵਲੋਂ ਰੋਕ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਰਿਹਾਈ ਦੀਆਂ ਕੁਝ ਕਾਨੂੰਨੀ ਪ੍ਰਕਿਰਿਆਵਾਂ ਹੁੰਦੀਆਂ ਹਨ, ਜਿਨ੍ਹਾਂ ਵਿੱਚ ਸਮਾਂ ਲੱਗਦਾ ਹੈ। ਪਰ ਕਿਸਾਨ ਆਪਣੀ ਮੰਗ ‘ਤੇ ਅੜੇ ਰਹੇ ਅਤੇ ਬਠਿੰਡਾ ਸਥਿਤ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਈਵੇਅ ‘ਤੇ ਹੀ ਰੋਕਣਾ ਪਿਆ। ਦੂਜੇ ਪਾਸੇ, ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਸਾਥੀਆਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























