Punjab CM ਨੇ ਆਪਣੀ ਰਿਹਾਇਸ਼ ‘ਤੇ ਕੀਤੀ ਹਾਈ ਲੈਵਲ ਮੀਟਿੰਗ
– ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ
– “ਕਿਸਾਨਾਂ ਨੂੰ ਨੁਕਸਾਨੀ ਗਈ ਹਰ ਫ਼ਸਲ ਦਾਦਿੱਤਾ ਜਾਵੇਗਾ ਮੁਆਵਜ਼ਾ” – ਸੀਐਮ ਮਾਨ
ਚੰਡੀਗੜ੍ਹ, 12 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਵਾਪਸ ਆਏ। ਅੱਜ ਮੁੱਖ ਮੰਤਰੀ ਮਾਨ ਨੇ ਹੜ੍ਹਾਂ ਸਬੰਧੀ ਸੂਬੇ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਸਾਰੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਸਾਰੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਉਹ ਉਨ੍ਹਾਂ ਥਾਵਾਂ ਦਾ ਸਰਵੇਖਣ ਕਰਨ ਜਿੱਥੇ ਪਾਣੀ ਘੱਟ ਗਿਆ ਹੈ ਅਤੇ ਜਲਦੀ ਰਿਪੋਰਟ ਪੇਸ਼ ਕਰਨ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਹੜ੍ਹ ਪੀੜਤਾਂ ਨੂੰ 45 ਦਿਨਾਂ ਵਿੱਚ ਮੁਆਵਜ਼ਾ ਦਿੱਤਾ ਜਾਵੇਗਾ।
ਸੀ ਐਮ ਮਾਨ ਨੇ ਟਵੀਟ ਕਰ ਕਿਹਾ ਕਿ “ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਸੂਬੇ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ, ਚੀਫ ਸੈਕਟਰੀ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਰਿਹਾਇਸ਼ ‘ਤੇ ਹਾਈ ਲੈਵਲ ਮੀਟਿੰਗ ਕੀਤੀ। ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕੁਦਰਤੀ ਆਫ਼ਤ ਨਾਲ ਨਜਿੱਠਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਨਾਲ ਹੀ ਅਧਿਕਾਰੀਆਂ ਨੂੰ 13 ਸਤੰਬਰ ਤੋਂ ਸਪੈਸ਼ਲ ਗਿਰਦਾਵਰੀ ਸ਼ੁਰੂ ਕਰਨ ਅਤੇ ਇਸ ਪ੍ਰਕਿਰਿਆ ਨੂੰ 45 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਕੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪਣ ਦੇ ਆਦੇਸ਼ ਜਾਰੀ ਕੀਤੇ। ਅਫ਼ਸਰ ਸਾਹਿਬਾਨਾਂ ਨੂੰ ਪਿੰਡ-ਪਿੰਡ ਜਾ ਕੇ ਖੇਤਾਂ ਦਾ ਮੁਆਇਨਾ ਕਰਕੇ ਰਿਪੋਰਟ ਤਿਆਰ ਕਰਨ ਲਈ ਕਿਹਾ। ਕਿਸਾਨਾਂ ਨੂੰ ਨੁਕਸਾਨੀ ਗਈ ਹਰ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹੜ੍ਹਾਂ ਕਾਰਨ ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਵੀ ਭਰਪਾਈ ਕੀਤੀ ਜਾਵੇਗੀ। ਇਸ ਦੁੱਖ ਦੀ ਘੜੀ ‘ਚ ਤੁਹਾਡਾ ਪੁੱਤ ਤੁਹਾਡੇ ਨਾਲ ਖੜ੍ਹਾ ਹੈ। ਜਲਦ ਤੋਂ ਜਲਦ ਸਭ ਨੂੰ ਉਹਨਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।”























