Punjab : ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਦੀ ਸ਼ਾਨਦਾਰ ਜਿੱਤ ਮਗਰੋਂ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ
ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ): ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 42649 ਵੋਟਾਂ ਪਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੇ ਵਾਸੀਆਂ ਨੂੰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਹਨ।
ਸੀਐਮ ਮਾਨ ਨੇ ਕਿਹਾ ਕਿ “ਵਿਧਾਨ ਸਭਾ ਤਰਨਤਾਰਨ ਦੀ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ‘ਚ ਪਾਰਟੀ ਜਿੱਤ ਦੇ ਝੰਡੇ ਗੱਡ ਰਹੀ ਹੈ। ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਭਰੋਸਾ ਜਿਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਮਿਹਨਤ ਕਰਨ ਵਾਲੇ ਵਲੰਟੀਅਰ ਸਾਹਿਬਾਨਾਂ ਅਤੇ ਸਮੁੱਚੀ ਲੀਡਰਸ਼ਿਪ ਦੀ ਜਿੱਤ ਹੈ। ਚੋਣ ਦੌਰਾਨ ਤਰਨਤਾਰਨ ਵਾਸੀਆਂ ਨਾਲ ਕੀਤਾ ਹਰ ਇੱਕ ਵਾਅਦਾ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਤਰਨਤਾਰਨ ਦੇ ਵਾਸੀਆਂ ਨੂੰ ਇਸ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।”
ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਨੂੰ ਕੁੱਲ 42649 ਵੋਟਾਂ ਪਈਆਂ ਅਤੇ ਉਨ੍ਹਾਂ ਦੀ ਲੀਡ 12091 ਵੋਟਾਂ ਦੀ ਰਹੀ। ਦੂਸਰੇ ਸਥਾਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰਹੇ ਅਤੇ ਉਨ੍ਹਾਂ ਨੂੰ 30558 ਵੋਟਾਂ ਪਈਆਂ। ਅਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ 19620 ਵੋਟਾਂ ਲੈ ਕੇ ਤੀਸਰੇ ਸਥਾਨ ਉੱਪਰ ਰਹੇ। ਜ਼ਿਮਨੀ ਚੋਣ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੂੰ 15078 ਵੋਟਾਂ ਪਈਆਂ ਅਤੇ ਉਹ ਚੌਥੇ ਸਥਾਨ ਉੱਪਰ ਰਹੇ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ 6239 ਵੋਟਾਂ ਲੈ ਕੇ 5ਵੇਂ ਸਥਾਨ ਉੱਪਰ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























