Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ ਮੁਹੰਮਦ
– ਕੇਂਦਰ ਅਤੇ ਰਾਜਪਾਲ ਬਿਨਾਂ ਕਿਸੇ ਦੇਰੀ ਦੇ ਭਾਈ ਹਵਾਰਾ ਨੂੰ ਦੇਣ ਪੈਰੋਲ ਅਤੇ ਬੰਦੀ ਸਿੰਘਾਂ ਦੀ ਕੀਤੀ ਜਾਵੇ ਰਿਹਾਈ: ਪੀਰ ਮੁਹੰਮਦ
ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (ਪੁਨਰਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹ ਵਿੱਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਸਵਾਗਤ ਕਰਦਿਆਂ ਇਸ ਨੂੰ ਬੇਹੱਦ ਸ਼ਲਾਘਾਯੋਗ ਕਦਮ ਦੱਸਿਆ ਹੈ।
ਮੀਡੀਆ ਦੇ ਨਾਂ ਜਾਰੀ ਇੱਕ ਬਿਆਨ ਵਿੱਚ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਜੀ ਲੰਮੇ ਸਮੇਂ ਤੋਂ ਗੰਭੀਰ ਬਿਮਾਰ ਹਨ ਅਤੇ ਬੈੱਡ ‘ਤੇ ਹਨ। ਉਨ੍ਹਾਂ ਦੀ ਉਮਰ ਅਤੇ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਉਨ੍ਹਾਂ ਦੀਆਂ ਅੱਖਾਂ ਆਪਣੇ ਪੁੱਤਰ ਦੇ ਦਰਸ਼ਨਾਂ ਲਈ ਤਰਸ ਰਹੀਆਂ ਹਨ। ਅਜਿਹੇ ਮਾਨਵੀ ਹਾਲਾਤਾਂ ਵਿੱਚ ਭਾਈ ਹਵਾਰਾ ਦੀ ਆਪਣੇ ਪਰਿਵਾਰ ਅਤੇ ਮਾਤਾ ਜੀ ਕੋਲ ਪਹੁੰਚ ਬਹੁਤ ਜ਼ਰੂਰੀ ਹੈ।
ਪੀਰ ਮੁਹੰਮਦ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਕੋਲੋਂ ਜ਼ੋਰਦਾਰ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਨਜ਼ੂਰ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਬੰਦੀ ਸਿੰਘਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























