PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਕਰਨਗੇ ਮੀਟਿੰਗ
ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਕਿਸਾਨਾਂ ਦਾ ਸੰਘਰਸ਼ ਹੈ ਜਾਰੀ
ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 98ਵੇਂ ਦਿਨ ਵਿੱਚ ਦਾਖਲ
ਚੰਡੀਗੜ੍ਹ, 3ਮਾਰਚ(ਵਿਸ਼ਵ ਵਾਰਤਾ) PUNJAB : ਸੰਯੁਕਤ ਕਿਸਾਨ ਮੋਰਚਾ (Samyukta Kisan Morcha) ਦੇ ਬੈਨਰ ਹੇਠ, ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੇ ਹਨ। ਇਸ ਦੌਰਾਨ, ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ SKM ਆਗੂਆਂ ਨਾਲ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿੱਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਲਿਖ ਦਿੱਤਾ ਹੈ।
ਹਾਲਾਂਕਿ, ਕਿਸਾਨ ਅੱਜ ਦੁਪਹਿਰ 12 ਵਜੇ ਤਕ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਉਹ ਸ਼ਾਮ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਣਗੇ। ਜੇਕਰ ਮੀਟਿੰਗ ਵਿੱਚ ਮੰਗਾਂ ‘ਤੇ ਸਹਿਮਤੀ ਬਣ ਜਾਂਦੀ ਹੈ, ਤਾਂ ਕਿਸਾਨ ਮੀਟਿੰਗ ਤੋਂ ਬਾਅਦ ਆਪਣੇ ਸੰਘਰਸ਼ ਦੀ ਅਗਲੀ ਰਣਨੀਤੀ ਵਿੱਚ ਬਦਲਾਅ ਦਾ ਐਲਾਨ ਕਰਨਗੇ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫਰਵਰੀ ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਸੋਮਵਾਰ ਨੂੰ 98ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਉਹਨਾਂ ਦੀ ਭੁੱਖ ਹੜਤਾਲ ਦੇ 100 ਦਿਨ ਪੂਰੇ ਹੋਣ ‘ਤੇ, 101 ਕਿਸਾਨ 5 ਮਾਰਚ ਨੂੰ ਖਨੌਰੀ ਸਰਹੱਦ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਦੌਰਾਨ, ਮਾਰਚ ਵਿੱਚ ਦੇਸ਼ ਭਰ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦਾ ਪ੍ਰੋਗਰਾਮ ਵੀ ਅੱਜ ਤੈਅ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੀ 8 ਮਾਰਚ ਨੂੰ ਮਹਿਲਾ ਕਿਸਾਨ ਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/