Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਪੁਲਿਸ ਹਿਰਾਸਤ ਦੌਰਾਨ ਲੋਕਾਂ ਦੇ ਲਾਪਤਾ ਹੋਣ ਦੇ ਪੁਰਾਣੇ ਮਾਮਲਿਆਂ ਵਿੱਚ ਮੋਹਾਲੀ ਦੀ ਵਿਸ਼ੇਸ਼ CBI ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ IPC ਦੀ ਧਾਰਾ 365 ਤਹਿਤ ਉਨ੍ਹਾਂ ਨੂੰ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਇਸ ਤੋਂ ਇਲਾਵਾ ਧਾਰਾ 120-B ਤਹਿਤ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸੇ ਮਾਮਲੇ ਵਿੱਚ ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ 25 ਨਵੰਬਰ 1992 ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਆਪਣੇ ਸਾਲੇ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਉਹ ਲਾਪਤਾ ਹੀ ਰਹੇ। ਕਈ ਦਹਾਕਿਆਂ ਤੋਂ ਚੱਲ ਰਹੇ ਇਸ ਮਾਮਲੇ ਵਿੱਚ ਹੁਣ ਵਿਸ਼ੇਸ਼ CBI ਅਦਾਲਤ ਨੇ ਸਾਬਕਾ ਪੁਲਿਸ ਅਧਿਕਾਰੀ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ।























