Punjab: DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਵੱਡੀ ਗਿਣਤੀ ‘ਚ ਪਹੁੰਚੀਆਂ ਸਿਆਸੀ ਹਸਤੀਆਂ
– ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
– ਪਰਿਵਾਰ ਦੀ ਰਜ਼ਾਮੰਦੀ ਤੋਂ ਬਾਅਦ ਅੱਜ ਹੋਇਆ ਸੀ ਪੋਸਟਮਾਰਟਮ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ): ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦਾ ਮੰਗਲਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਗਗਨਦੀਪ ਸਿੰਘ ਦੀ ਚਿਖਾ ਨੂੰ ਉਨ੍ਹਾਂ ਦੇ 10 ਸਾਲਾਂ ਦੇ ਬੇਟੇ ਨੇ ਮੁੱਖ ਅਗਨੀ ਦਿੱਤੀ।

ਇਸ ਤੋਂ ਪਹਿਲਾਂ ਜਦੋਂ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਭਾਵੁਕ ਹੋ ਗਏ। ਅੰਤਿਮ ਰਸਮਾਂ ਨਿਭਾਈਆਂ ਗਈਆਂ ਅਤੇ ਮ੍ਰਿਤਕ ਗਗਨਦੀਪ ਸਿੰਘ ਨੂੰ ਲਾਲ ਪੱਗ ਪਹਿਨਾ ਕੇ ਅੰਤਿਮ ਵਿਦਾਈ ਦਿੱਤੀ ਗਈ। ਦੱਸ ਦਈਏ ਕਿ ਖ਼ੁਦਕੁਸ਼ੀ ਦੇ ਚੌਥੇ ਦਿਨ ਰੰਧਾਵਾ ਦੀ ਦੇਹ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਕਰੀਬ ਸਾਢੇ 4 ਘੰਟੇ ਚੱਲਿਆ। ਐਗਜ਼ੀਕਿਊਟਿਵ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਵਿੱਚ ਇਹ ਕਾਰਵਾਈ ਕੀਤੀ ਗਈ ਅਤੇ ਇਸ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ।
ਪੋਸਟਮਾਰਟਮ ਤੋਂ ਬਾਅਦ ਰੰਧਾਵਾ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ। ਇਸ ਤੋਂ ਬਾਅਦ ਸ਼ਾਮ ਕਰੀਬ ਸਾਢੇ ਪੰਜ ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨ ਲਈ ਸ਼ਿਵਪੁਰੀ ਦੁਰਗਿਆਣਾ ਮੰਦਰ ਲਿਆਂਦਾ ਗਿਆ। ਅੰਤਿਮ ਸੰਸਕਾਰ ਦੇ ਮੌਕੇ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਬਿਕਰਮ ਸਿੰਘ ਮਜੀਠੀਆ ਸਣੇ ਕਈ ਸਿਆਸੀ ਹਸਤੀਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਹਾਲਾਂਕਿ, ਇਸ ਤੋਂ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲੇ ਸੀਬੀਆਈ ਜਾਂਚ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਅੜੇ ਹੋਏ ਸਨ। ਇਸ ਮਾਮਲੇ ‘ਚ ਬੀਤੇ ਦਿਨ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























