Punjab Doctors: ਸੂਬੇ ‘ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 400 ਡਾਕਟਰਾਂ ਦੀ ਭਰਤੀ ਜਲਦੀ- ਡਾ. ਬਲਬੀਰ ਸਿੰਘ
-
ਸੂਬੇ ‘ਚ ਜਲਦ ਬਣਾਏ ਜਾਣਗੇ ਚਾਰ ਮੈਡੀਕਲ ਕਾਲਜ
ਫ਼ਰੀਦਕੋਟ 08 ਨਵੰਬਰ, 2024: ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ (Punjab Doctors) ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ । ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿੱਦਿਕ ਅਦਾਰਿਆਂ, ਘਰਾਂ, ਦਫਤਰਾਂ ਆਦਿ ਵਿੱਚੋਂ ਡੇਂਗੂ ਦਾ ਲਾਰਵਾ ਲੱਭਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੀ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਖਿਲਾਫ ਛੇੜੀ ਗਈ ਜੰਗ ਵਿੱਚ ਰਾਜ ਵਾਸੀਆਂ, ਵਿਦਿਅਕ ਸੰਸਥਾਵਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ।
ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਚੌਕਸੀ ਕਾਰਨ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ਤੇ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ ਸਾਲ 654 ਡੇਂਗੂ ਦੇ ਕੇਸ ਸਾਹਮਣੇ ਆਏ ਸਨ ਅਤੇ ਇਸ ਵਾਰ 120 ਮਾਮਲੇ ਹੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੈਕਟਰ ਬੋਰਨ ਡਜੀਜ਼ ਤੇ ਹੋਰ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਸਭ ਤੋਂ ਵੱਡਾ ਜਰੀਆ ਹਨ ਅਤੇ ਪੂਰੇ ਸੂਬੇ ਦੇ 50 ਹਜਾਰ ਵਿਦਿਆਰਥੀ ਆਪਣੇ ਘਰ, ਆਂਢ-ਗੁਆਂਢ ਦੇ 15 ਤੋਂ 20 ਲੱਖ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਜਾਣਕਾਰੀ ਦੇਣ ਅਤੇ ਇਸ ਬਿਮਾਰੀ ਤੋਂ ਬਚਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ । ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਮੁਹਿੰਮ ਦੇ ਬਰਾਂਡ ਅੰਬੈਸਡਰ ਹਨ ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਦਿਆਰਥੀਆਂ ਦੀ ਰੈਗੂਲਰ ਸਿਹਤ ਜਾਂਚ ਹੋਣੀ ਚਾਹੀਦੀ ਹੈ ਤੇ ਡੇਂਗੂ ਖਿਲਾਫ ਮੁਹਿੰਮ ਵਿੱਚ ਇਹਨਾਂ ਦਾ ਭਰਪੂਰ ਸਹਿਯੋਗ ਲਿਆ ਜਾਵੇ ਅਤੇ ਇਸ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਵੀ ਕੀਤੇ ਤੇ ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਲਾਜ ਸਬੰਧੀ ਵੀ ਗੱਲਬਾਤ ਕੀਤੀ
ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਤੋਂ 2 ਕਰੋੜ 25 ਲੱਖ ਤੋਂ ਵਧੇਰੇ ਲੋਕ ਇਲਾਜ ਕਰਵਾ ਚੁੱਕੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਜ਼ਿਲ੍ਹਾ ਪੱਧਰੀ ਤੇ ਸਬ ਡਵੀਜਨ ਪੱਧਰ ਦੇ ਹਸਪਤਾਲਾਂ ਵਿੱਚ ਡਾਕਟਰ ਅਤੇ ਸਹਾਇਕ ਸਟਾਫ ਪੂਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ ਅਤੇ ਲੋਕ ਨੁਮਾਇੰਦਿਆਂ, ਡਾਕਟਰਾਂ ਅਤੇ ਸਟਾਫ ਦੀ ਸਲਾਹ ਨਾਲ ਹਰ ਤਰ੍ਹਾਂ ਦੇ ਸੁਧਾਰ ਨੂੰ ਯਕੀਨੀ ਬਣਾਇਆ ਜਾਵੇਗਾ।