Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਕੱਚੇ ਅਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਗਲੇ ਦੋ ਦਿਨਾਂ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਖ਼ਬਰ ਨਾਲ ਲੰਬੇ ਸਮੇਂ ਤੋਂ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਵਿੱਚ ਉਮੀਦ ਵਧੀ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰੈਗੂਲਰ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਅਗਲੇ ਦੋ ਦਿਨਾਂ ਦੇ ਅੰਦਰ ਆਦੇਸ਼ ਜਾਰੀ ਕਰ ਦਿੱਤੇ ਜਾਣਗੇ।
ਸਰਕਾਰ ਵੱਲੋਂ ਇਸ ਸਬੰਧੀ ਵਿਭਾਗੀ ਪੱਧਰ ’ਤੇ ਕਾਰਵਾਈ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਹਾਲਾਂਕਿ, ਕਿਹੜੇ ਵਿਭਾਗਾਂ ਦੇ ਕਿੰਨੇ ਮੁਲਾਜ਼ਮ ਇਸ ਦੇ ਦਾਇਰੇ ਵਿੱਚ ਆਉਣਗੇ ਅਤੇ ਰੈਗੂਲਰਾਈਜ਼ੇਸ਼ਨ ਦੀਆਂ ਸ਼ਰਤਾਂ ਕੀ ਹੋਣਗੀਆਂ, ਇਸ ਬਾਰੇ ਅਧਿਕਾਰਤ ਹੁਕਮ ਜਾਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਜੇਕਰ ਦੋ ਦਿਨਾਂ ਵਿੱਚ ਹੁਕਮ ਜਾਰੀ ਹੁੰਦੇ ਹਨ ਤਾਂ ਇਹ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਹੋ ਸਕਦੀ ਹੈ।
ਇਹ ਮਾਮਲਾ ਨਿਸ਼ਾਨ ਕੁਮਾਰ ਅਤੇ ਹੋਰ ਬਨਾਮ ਪੰਜਾਬ ਸਰਕਾਰ ਅਤੇ ਹੋਰਾਂ ਨਾਲ ਸਬੰਧਤ ਹੈ। ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਦੇ ਵਿੱਤੀ ਕਮਿਸ਼ਨਰ (ਮਾਲੀਆ) ਅਨੁਰਾਗ ਵਰਮਾ ਅਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਵੀ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























