Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ
– ਪੁਲਿਸ ਵੱਲੋਂ ਜਾਂਚ ਸ਼ੁਰੂ
ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ ਵਾਰਤਾ/ਹਰਜਿੰਦਰ ਸਿੰਘ ਸੇਖਾ): ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਸਥਿਤ ਇੱਕ ਨਿੱਜੀ ਹੋਟਲ ਦੇ ਬਾਹਰ ਦੋ ਨੌਜਵਾਨਾਂ ਵੱਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਹੋਟਲ ਤੋਂ ਬਾਹਰ ਨਿਕਲੇ ਅਤੇ ਉਨ੍ਹਾਂ ਵੱਲੋਂ ਹਵਾ ਵਿੱਚ ਦੋ ਫਾਇਰ ਕੀਤੇ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਨੇੜੇ ਹੀ ਇੱਕ ਦੁਕਾਨਦਾਰ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਘਟਨਾ ਸਬੰਧੀ ਸੂਚਨਾ ਦਿੱਤੀ ਗਈ।
ਸੂਚਨਾ ਮਿਲਣ ’ਤੇ ਪੁਲਿਸ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਫਾਇਰਿੰਗ ਕਰਨ ਵਾਲੇ ਨੌਜਵਾਨ ਕੌਣ ਸਨ ਅਤੇ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।























