Punjab Flood: ਪੰਜਾਬ ਪੁਲਿਸ, NDRF, SDRF ਅਤੇ ARMY ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ‘ਚ ਜੁਟੀ
— ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਹਨ ਨਿਗਰਾਨੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
— ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ
— ਯੁੱਧ ਨਸ਼ਿਆਂ ਵਿਰੁੱਧ ਦੇ 178ਵੇਂ ਦਿਨ 630 ਗ੍ਰਾਮ ਹੈਰੋਇਨ ਸਮੇਤ 78 ਨਸ਼ਾ ਤਸਕਰ ਗ੍ਰਿਫ਼ਤਾਰ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਚੰਡੀਗੜ੍ਹ, 27 ਅਗਸਤ 2025 (ਵਿਸ਼ਵ ਵਾਰਤਾ) – ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ (Punjab Flood) ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ। ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਸਐਸਪੀ ਨਿੱਜੀ ਤੌਰ ‘ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਹਾਲ ਹੀ ਵਿੱਚ, ਪਠਾਨਕੋਟ ਵਿੱਚ ਹੜ੍ਹਾਂ ਵਿੱਚ ਫਸੇ ਕੁਝ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਂ ‘ਤੇ ਲੈਜਾਇਆ ਗਿਆ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਹੜ੍ਹਾਂ (Punjab Flood) ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਪੰਜਾਬ ਪੁਲਿਸ ਫੋਰਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 178ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 381 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















