Punjab Floods : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਨਾਲ ਕੀਤੀ ਗੱਲਬਾਤ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab Floods) ਦੇ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਪੰਜਾਬ ‘ਚ ਚਿੰਤਾਜਨਕ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਹਾਲਾਂਕਿ ਗ੍ਰਹਿ ਮੰਤਰੀ ਨੇ 60,000 ਕਰੋੜ ਰੁਪਏ ਬਾਰੇ ਕੋਈ ਸਕਾਰਾਤਮਕ ਭਰੋਸਾ ਨਹੀਂ ਦਿੱਤਾ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖਿਆ ਸੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਇਸ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਆਫ਼ਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਲਗਪਗ ਇੱਕ ਹਜ਼ਾਰ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਵਿਗੜਦੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌਰ ‘ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਨਾਲ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹੜ੍ਹਾਂ ਦੇ ਸੰਕਟ ਕਾਰਨ ਨਾਜ਼ੁਕ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸੂਬੇ ਦੇ ਕੁੱਲ 60,000 ਕਰੋੜ ਰੁਪਏ ਸਾਰੇ ਬਕਾਇਆ ਫੰਡ ਜਾਰੀ ਕਰਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























