Punjab Floods : ਸੀਐਮ ਮਾਨ ਵੱਲੋਂ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ
– ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲਏ ਗਏ ਵੱਡੇ ਫੈਸਲੇ, ਪੜੋ ਵੇਰਵਾ
ਚੰਡੀਗੜ੍ਹ, 29 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ (Punjab Floods) ਗੰਭੀਰ ਹੁੰਦੀ ਜਾ ਰਹੀ ਹੈ। ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਏ ਹਨ। ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ।

ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਹਾਈ ਲੈਵਲ ਮੀਟਿੰਗ ਵਿੱਚ ਮੰਤਰੀ ਸਾਹਿਬਾਨ, ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਤੇ ਫ਼ੌਜ ਦੇ ਉੱਚ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਹੜ੍ਹ ਦੀ ਮਾਰ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ‘ਤੇ ਚੁੱਕੇ ਜਾ ਰਹੇ ਠੋਸ ਕਦਮਾਂ ਦੀ ਸਮੀਖਿਆ ਕੀਤੀ ਗਈ।
ਇਸ ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਇੱਕ ਉੱਚ ਅਧਿਕਾਰ ਪ੍ਰਾਪਤ ਕਮੇਟੀ ਦਾ ਗਠਨ ਕੀਤਾ। ਨਾਲ ਹੀ ਮੁੱਖ ਸਕੱਤਰ, ਉੱਚ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਰਾਹਤ ਤੇ ਬਚਾਅ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੜ੍ਹਾਂ ਦੇ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜੀ ਹੈ। ਹਰ ਪ੍ਰਭਾਵਿਤ ਪਰਿਵਾਰ ਨੂੰ ਮਦਦ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















