Punjab : ਸੰਕਟ ਦੀ ਘੜੀ ‘ਚ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਸਮੇਂ ਗਿਆਨੀ ਰਘਬੀਰ ਸਿੰਘ ਹੋਏ ਭਾਵੁਕ
ਅੰਮ੍ਰਿਤਸਰ, 30 ਅਗਸਤ 2025 (ਵਿਸ਼ਵ ਵਾਰਤਾ): ਗਿਆਨੀ ਰਘਬੀਰ ਸਿੰਘ ਵੱਲੋਂ ਸੰਕਟ ਦੀ ਘੜੀ (Punjab) ਵਿੱਚ ਸਰਬੱਤ ਦੇ ਭਲੇ ਲਈ ਵਾਹਿਗੁਰੂ ਦਾ ਆਸਰਾ ਲੈਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਜੀ ਬਹੁਤ ਭਾਵਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਵਿਚ ਅੱਥਰੂ ਆ ਗਏ।
ਦੱਸ ਦਈਏ ਕਿ ਪੰਜਾਬ ਚ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਚੋ ਇਕ ਅੰਮ੍ਰਿਤਸਰ ਦਾ ਅਜਨਾਲਾ ਹੈ। ਇੱਥੇ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਹੈੱਡ ਗ੍ਰੰਥੀ ਰਘਬੀਰ ਸਿੰਘ ਅੱਜ ਇਥੇ ਜਾਇਜ਼ਾ ਲੈਣ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੂੰ ਹੌਂਸਲਾ ਦਿੰਦੇ ਸਮੇਂ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਧਾਲੀਵਾਲ ਦੀਆਂ ਅੱਖਾਂ ਵਿਚ ਵੀ ਹੰਝੂ ਆ ਗਏ।
ਅਜਨਾਲਾ ਹਲਕੇ ਦੇ ਪਿੰਡ ਹਰੜ ਕਲਾਂ ਦਾ ਦੌਰਾ ਕਰਨ ਸਮੇਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀ:ਐਸ:ਐਫ ਦਾ ਘੇਰਾ ਤਾਂ 50 ਕਿਲੋਮੀਟਰ ਕਰ ਦਿੱਤਾ ਹੈ ਪਰ ਹੁਣ ਹੜ੍ਹਾਂ ਦੀ ਸਥਿਤੀ ਵਿੱਚ ਕੇਂਦਰ ਤੋਂ ਸਾਡੀ ਬਾਂਹ ਫੜਣ ਲਈ ਕੋਈ ਵੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡੇ ਹਾਲਾਤ ਬਹੁਤ ਮਾੜੇ ਹਨ ਘਰਾਂ ਦੇ ਘਰ ਡੁੱਬ ਚੁੱਕੇ ਹਨ, ਪਸ਼ੂ ਵੀ ਪਾਣੀ ਦੀ ਲਪੇਟ ਵਿੱਚ ਆਉਣ ਨਾਲ ਮਰ ਚੁੱਕੇ ਹਨ। ਧਾਲੀਵਾਲ ਨੇ ਕਿਹਾ ਹਲਕਾ ਅਜਨਾਲਾ ਦੀ ਬਾਸਮਤੀ ਸਭ ਤੋਂ ਬੇਹਰਤਰੀਨ ਬਾਸਮਤੀ ਮੰਨੀ ਜਾਂਦੀ ਹੈ ਜੋ ਦੇਸ਼ਾਂ ਵਿਦੇਸ਼ਾਂ ਵਿੱਚ ਜਾਂਦੀ ਹੈ ਪਰ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਡੇ ਕੋਲ ਖਾਣ ਲਈ ਕਿਲੋ ਚਾਵਲ ਤੱਕ ਨਹੀਂ ਹਨ। ਉਨ੍ਹਾਂ ਕਿਹਾ ਕਿ ਉਸ ਤਰ੍ਹਾਂ ਦਾ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਜਿਸ ਨੇ ਪੂਰੇ ਦੇਸ਼ ਦਾ ਢਿੱਡ ਭਰਿਆ, ਪਰ ਅੱਜ ਦੀ ਕੇਂਦਰ ਸਰਕਾਰ ਦਾ ਵਤੀਰਾ ਬਹੁਤ ਹੀ ਖਤਰਨਾਕ ਹੈ। ਉਨ੍ਹਾਂ ਦੱਸਿਆ ਕਿ ਸਾਡੇ ਕਰੀਬ 100 ਤੋਂ ਵਧੇਰੇ ਪਿੰਡ ਡੁੱਬ ਚੁੱਕੇ ਹਨ ਜਿੰਨਾਂ ਦੀ ਸਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਦੋ ਸ਼ਬਦ ਤੱਕ ਨਹੀ ਨਿਕਲੇ।
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਆਪਣਾ ਸਰਕਾਰੀ ਹੈਲੀਕਾਪਟਰ ਵੀ ਲੋਕਾਂ ਦੀ ਸੇਵਾ ਲਈ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਪੂਰਾ ਪ੍ਰਸਾਸ਼ਨ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ ਰਾਤ ਇਕ ਕਰ ਰਿਹਾ ਹੈ ਅਤੇ ਹੜ੍ਹਾਂ ਤੋਂ ਬਾਅਦ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਵੀ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















