Punjab Floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਸਪੈਸ਼ਲ ਪੈਕੇਜ ਦਾ ਐਲਾਨ
ਗੁਰਦਾਸਪੁਰ, 9 ਸਤੰਬਰ 2025 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ (Punjab Floods) ਇਲਾਕਿਆਂ ਦਾ ਦੌਰਾ ਕੀਤਾ ਗਿਆ। ਦੋਵਾਂ ਰਾਜਾਂ ਨੂੰ ਰਾਜ ਸਰਕਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ 23 ਜਿਲ੍ਹੇ ਇਸ ਵੇਲੇ ਹੜ੍ਹਾਂ ਦੀ ਮਾਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ। ਹੁਣ ਤੱਕ ਸੂਬੇ ਵਿੱਚ ਹੜ੍ਹਾਂ ਕਾਰਨ 46 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ 1600 ਕਰੋੜ ਰੁਪਏ ਦੇ ਸਪੈਸ਼ਲ ਪੈਕੇਜ ਦਾ ਐਲਾਨ ਕੀਤਾ ਗਿਆ ਹੈ ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ, ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਦੀ ਆਰਥਿਕ ਮਦਦ ਵੀ ਦਿੱਤੀ ਜਾਵੇਗੀ ਗੁਰਦਾਸਪੁਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਸੁਨੀਲ ਜਾਖੜ ਸਮੇਤ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਉਨ੍ਹਾਂ ਨਾਲ ਮੌਜੂਦ ਰਹੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਲਗਭਗ 30 ਮਿੰਟ ਮੀਟਿੰਗ ਕੀਤੀ।

ਪੰਜਾਬ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੇ 19 ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਵਿੱਚ ਫਾਜ਼ਿਲਕਾ, ਅਜਨਾਲਾ ਅਤੇ ਹੋਰ ਖੇਤਰਾਂ ਦੇ ਕਿਸਾਨ ਸ਼ਾਮਲ ਸਨ। ਕਿਸਾਨਾਂ ਨੇ ਹੜ੍ਹ ਦਾ ਕਾਰਨ ਦੱਸਿਆ ਅਤੇ ਹੜ੍ਹਾਂ ਨਾਲ ਨੁਕਸਾਨੀਆਂ ਗਈਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੈਲੀਕਾਪਟਰ ਰਾਹੀਂ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਧਰਮਸ਼ਾਲਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ।
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਸਥਿਤੀ ਬਦਤਰ ਬਣ ਗਈ ਹੈ। ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਫਸਲਾਂ, ਸੜਕਾਂ, ਪੁਲਾਂ ਅਤੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋਵਾਂ ਰਾਜਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























