Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ
– ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
ਮੋਹਾਲੀ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਪੁਲਿਸ ਹਿਰਾਸਤ ’ਚੋਂ ਲੋਕਾਂ ਦੇ ਲਾਪਤਾ ਹੋਣ ਦੇ ਪੁਰਾਣੇ ਮਾਮਲਿਆਂ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਲ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਇਸੇ ਮਾਮਲੇ ਵਿੱਚ ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਐੱਸਐੱਸਪੀ ਨੂੰ ਅੱਜ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ 25 ਨਵੰਬਰ 1992 ਨੂੰ ਆਪਣੇ ਸਾਲੇ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਉਹ ਲਾਪਤਾ ਹੀ ਰਹੇ। ਕਈ ਦਹਾਕਿਆਂ ਪੁਰਾਣੇ ਇਸ ਮਾਮਲੇ ਵਿੱਚ ਹੁਣ ਅਦਾਲਤ ਵੱਲੋਂ ਸਾਬਕਾ ਪੁਲਿਸ ਅਧਿਕਾਰੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ।























