Punjab : ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਅਦਾਲਤ ਵਿੱਚ ਪੇਸ਼
ਅੰਮ੍ਰਿਤਸਰ, 27 ਜਨਵਰੀ 2026 (ਵਿਸ਼ਵ ਵਾਰਤਾ) – ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਪੁਲਿਸ (Punjab) ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰੀ ਤੋਂ ਬਾਅਦ, ਪਿਤਾ ਸ਼ਮਸ਼ੇਰ ਸਿੰਘ ਅਤੇ ਮਾਂ ਪਿਰਤਪਾਲ ਕੌਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਨੀਰਜ ਕੁਮਾਰ ਸਿੰਗਲਾ ਨੇ ਉਨ੍ਹਾਂ ਨੂੰ 30 ਜਨਵਰੀ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੱਸ ਦਈਏ ਕਿ ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ। ਪੁਲਿਸ ਵੱਲੋਂ ਉਨ੍ਹਾਂ ਨੂੰ ਹੋਟਲ ਵਿਚੋਂ ਗ੍ਰਿਫਤਾਰ ਕੀਤਾ ਗਿਆ। ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਕਾਰਵਾਈ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਨਾਲ ਸਬੰਧਤ ਮਾਮਲੇ ‘ਤੇ ਹੋਈ ਹੈ। ਇਸ ਮਾਮਲੇ ਵਿੱਚ 2024 ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਵਿਰੁੱਧ ਭਾਰਤੀ ਦੰਡਾਵਲੀ (ਬੀਐਨਐਸ) ਦੀ ਧਾਰਾ 308(4), 351(1), ਅਤੇ 351(3) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦਾ ਨਾਂਅ ਸਤਨਾਮ ਸਿੰਘ ਹੈ ਅਤੇ ਉਸ ਨੇ ਪੁਲਿਸ ਕੋਲ ਇਸ ਸੰਬੰਧੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਹ ਪਿਛਲੇ 33 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। 27 ਨਵੰਬਰ, 2024 ਨੂੰ, ਉਹ ਸਵੇਰੇ ਆਪਣੇ ਸਕੂਲ ਵਿੱਚ ਡਿਊਟੀ ‘ਤੇ ਸੀ। ਇਸ ਦੌਰਾਨ ਸਵੇਰੇ 10:30 ਵਜੇ ਤੋਂ 11:00 ਵਜੇ ਦੇ ਵਿਚਕਾਰ, ਉਸਨੂੰ ਇੱਕ ਵਿਦੇਸ਼ੀ ਨੰਬਰ ਤੋਂ ਇੱਕ ਵਟਸਐਪ ਕਾਲ ਆਈ। ਜਦੋਂ ਉਸਨੇ ਫ਼ੋਨ ਦਾ ਜਵਾਬ ਦਿੱਤਾ, ਤਾਂ ਦੂਜੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਬੰਬੀਹਾ ਗੈਂਗ ਦਾ ਮੈਂਬਰ ਦੱਸਿਆ। ਉਸਨੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ ਤੋਂ ਬਾਅਦ ਉਹ ਸਦਰ ਪੁਲਿਸ ਸਟੇਸ਼ਨ ਗਿਆ ਅਤੇ ਪੁਲਿਸ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮੁਕਤਸਰ ਸਾਹਿਬ ਪੁਲਿਸ ਦੇ ਅਨੁਸਾਰ, ਜਿਸ ਸਮੇਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ, ਉਸ ਸਮੇਂ ਬੰਬੀਹਾ ਗੈਂਗ ਅਤੇ ਗੋਲਡੀ ਬਰਾੜ ਇਕੱਠੇ ਕੰਮ ਕਰ ਰਹੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















