Punjab :ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ
– ਸਰਬ ਸੰਮਤੀ ਨਾਲ਼ ਚੁਣੇ ਗਏ ਪ੍ਰਧਾਨ

ਅੰਮ੍ਰਿਤਸਰ, 11 ਅਗਸਤ 2025 (ਵਿਸ਼ਵ ਵਾਰਤਾ) : ਅੱਜ ਪੰਜਾਬ (Punjab) ਦੀ ਪੰਥਕ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਦੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣਿਆ ਗਿਆ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਐਲਾਨਿਆ ਗਿਆ ਹੈ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ।
ਇਸ ਮੌਕੇ ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ। ਦੱਸ ਦਈਏ ਕਿ ਇਸ ਦੌਰਾਨ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰ ਪ੍ਰਤਾਪ ਸਿੰਘ ਵਡਾਲਾ , ਜਥੇਦਾਰ ਸੰਤਾ ਸਿੰਘ ਉਮੈਦਪੁਰੀ , ਮਨਪ੍ਰੀਤ ਸਿੰਘ ਇਆਲੀ ,ਇਕਬਾਲ ਸਿੰਘ ਵਿੱਚ ਝੂਦਾ ਤੇ ਬੀਬੀ ਸਤਵੰਤ ਕੌਰ ਤੋਂ ਇਲਾਵਾ ਪ੍ਰੇਮ ਸਿੰਘ ਚੰਦੂ ਮਾਜਰਾ ,ਬੀਬੀ ਜਗੀਰ ਕੌਰ ਪਰਮਿੰਦਰ ਸਿੰਘ ਢੀਡਸਾ , ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਡੇ ਪੱਧਰ ਤੇ ਡੈਲੀਗੇਟ ਸ਼ਾਮਿਲ ਹੋਏ ।
ਬੀਤੇ ਦਿਨ ਤੋਂ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਜੋ ਅੱਜ ਆਖਿਰਕਾਰ ਨਵੇਂ ਪ੍ਰਧਾਨ ਦੇ ਐਲਾਨ ਨਾਲ ਸਹੀ ਸਾਬਿਤ ਹੋਈਆਂ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਨਵੀਂ ਪਾਰਟੀ ਦੀ ਕਮਾਨ ਗਿਆਨੀ ਹਰਪ੍ਰੀਤ ਸਿੰਘ ਦੇ ਹੱਥਾਂ ਵਿੱਚ ਜਾਣ ਨਾਲ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਅਪਣਾਏਗੀ ਅਤੇ ਚੋਣ ਕਮਿਸ਼ਨ ਸਾਹਮਣੇ ਆਪਣੇ ਆਪ ਨੂੰ ਅਸਲੀ ਅਕਾਲੀ ਦਲ ਵਜੋਂ ਪੇਸ਼ ਕਰੇਗੀ, ਜੋ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਲਈ ਸਿੱਧੀ ਚੁਣੌਤੀ ਬਣ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























