ਪਰਾਲੀ ਸਾੜਨ ‘ਤੇ ਕਾਬੂ ਪਾਉਣ ਲਈ Punjab Government ਸਖ਼ਤ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਮੁਹਿੰਮ
ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):- ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਵੀ ਸਖ਼ਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਸਥਾਈ ਮੁਹਿੰਮ ਚਲਾਉਣ ਲਈ ਕਿਹਾ ਹੈ।
ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਦੀਆਂ ਤਿਆਰੀਆਂ ਸਬੰਧੀ ਸੋਮਵਾਰ ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੀ ਜ਼ੋਰਦਾਰ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਮਸ਼ੀਨਾਂ ‘ਤੇ ਮਿਲਦੀ ਸਬਸਿਡੀ ਬਾਰੇ ਵੀ ਸਹੀ ਜਾਣਕਾਰੀ ਦਿੱਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਕਸਟਮ ਹਾਇਰਿੰਗ ਸੈਂਟਰ ਰਾਹੀਂ ਉਹ ਪਰਾਲੀ ਪ੍ਰਬੰਧਨ ‘ਤੇ ਹੋਣ ਵਾਲੇ ਖਰਚੇ ਨੂੰ ਘਟਾ ਸਕਦੇ ਹਨ। ਇਸ ਨਾਲ ਪਰਾਲੀ ਸਾੜਨ ਵਿਰੁੱਧ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਪੰਚਾਇਤਾਂ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਕਸਟਮ ਹਾਇਰਿੰਗ ਸੈਂਟਰ (ਸੀਐਚਸੀ) ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਮਾਨ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ ਤੋਂ agrimachinerypb.com ਪੋਰਟਲ ਰਾਹੀਂ ਬਿਨੈ ਪੱਤਰ ਮੰਗੇ ਸਨ। 20 ਜੂਨ, 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ।