Punjab Government ਅਤੇ ਤਿੰਨ ਕਰੋੜ ਪੰਜਾਬੀ ਰਾਸ਼ਟਰੀ ਸੁਰੱਖਿਆ ਲਈ ਇੱਕਜੁੱਟ-ਅਮਨ ਅਰੋੜਾ
ਸਰਹੱਦੀ ਖੇਤਰਾਂ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ
ਸਰਹੱਦੀ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਲਗਾਈ ਸਪੈਸ਼ਲ ਡਿਊਟੀ
ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਦੀ ਸੁਰੱਖਿਆ ਪ੍ਰਤੀ ‘ਆਪ’ ਸਰਕਾਰ ਦੀ ਅਟੱਲ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਭਰੋਸਾ ਦਿੱਤਾ ਕਿ Punjab Government ਅਤੇ ਉਸ ਦੇ ਤਿੰਨ ਕਰੋੜ ਨਾਗਰਿਕ ਦੇਸ਼ ਦੀ ਸੁਰੱਖਿਆ ਵਿੱਚ ਭਾਰਤੀ ਫ਼ੌਜ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
ਮੰਤਰੀ ਅਰੋੜਾ ਨੇ ਖ਼ਤਰਿਆਂ ਦਾ ਮੁਕਾਬਲਾ ਕਰਨ ਵਿੱਚ ਚੌਕਸ ਅਤੇ ਫੈਸਲਾਕੁੰਨ ਕਾਰਵਾਈਆਂ ਲਈ ਭਾਰਤੀ ਫ਼ੌਜ ਦੀ ਸ਼ਲਾਘਾ ਕਰਦੇ ਹੋਏ ਕਿਹਾ “ਫ਼ੌਜ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਜਵਾਬ ਦੇ ਰਹੀ ਹੈ। ਫ਼ੌਜ ਦੇ ਯਤਨਾਂ ਦਾ ਸਮਰਥਨ ਕਰਨਾ ਅਤੇ ਦੇਸ਼ ਦੀ ਏਕਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ।”
ਸਰਹੱਦੀ ਖੇਤਰਾਂ ਵਿੱਚ ਆਬਾਦੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਕਈ ਉਪਾਅ ਲਾਗੂ ਕੀਤੇ ਹਨ। ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰੇਕ ਸਰਹੱਦੀ ਜ਼ਿਲ੍ਹੇ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨੀ ਸਥਿਤੀ ਦੀ ਨਿਗਰਾਨੀ ਕਰਨ ਲਈ ਹਰੇਕ ਸਰਹੱਦੀ ਜ਼ਿਲ੍ਹੇ ਵਿੱਚ ਦੋ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਹ ਰਾਸ਼ਨ, ਸਿਹਤ ਅਤੇ ਅੱਗ ਬੁਝਾਊ ਸੇਵਾਵਾਂ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਨ।
ਪੰਜਾਬ ਪੁਲਿਸ, “ਸੈਕੰਡ ਡਿਫੈਂਸ ਆੱਫ ਲਾਈਨ” ਵਜੋਂ ਕੰਮ ਕਰ ਰਹੀ ਹੈ, ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫ਼ੌਜ ਨਾਲ ਤਾਲਮੇਲ ਕਰ ਰਹੀ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਜਮ੍ਹਾਖ਼ੋਰੀ, ਕਾਲਾਬਾਜ਼ਾਰੀ ਜਾਂ ਕਿਸੇ ਵੀ ਸ਼ੋਸ਼ਣ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਅਰੋੜਾ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਰੋੜਾ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਜ਼ਰੂਰੀ ਸੇਵਾਵਾਂ ਦੀ ਸੁਚਾਰੂ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਘਬਰਾ ਕੇ ਕਿਸੇ ਵੀ ਸਾਮਾਨ ਦੀ ਬੇਲੋੜੀ ਖ਼ਰੀਦ ਤੋਂ ਬਚਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ “ਪੰਜਾਬ ਦੇ ਲੋਕ ਬਹਾਦਰ ਹਨ। ਇਸ ਲਈ ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ,”।