Punjab Government ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ
ਕਿਹਾ, ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ
ਸਥਾਨਕ ਸਰਕਾਰਾਂ ਮੰਤਰੀ ਨੇ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਰੀਵਿਊ ਮੀਟਿੰਗ
ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ।
ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਲੈਂਡ ਸਕੇਪਿੰਗ, ਸੜਕਾਂ ਦਾ ਵਿਕਾਸ, ਮੁਹਾਲੀ ਸ਼ਹਿਰ ਅਧੀਨ ਆਉਣੇ ਪਿੰਡਾਂ ਦਾ ਸੁੰਦਰੀ ਕਰਨ, ਸ਼ਹਿਰੀ ਨਾਗਰਿਕਾਂ ਦੀਆਂ ਸਹੂਲਤਾਂ ਦੇ ਕਾਰਜ, ਸ਼ਹਿਰਾਂ ‘ਚ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਸੁਰੱਖਿਆ ਦੇ ਨਿਯਮਾਂ ਤਹਿਤ ਉਸਾਰਨਾ ਯਕੀਨੀ ਬਣਾਇਆ ਜਾਵੇ।
ਡਾ. ਰਵਜੋਤ ਸਿੰਘ ਨੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਦੀ ਵਿਥਾਰਤ ਜਾਣਕਾਰੀ ਹਾਸਲ ਕਰਨ ਮਗਰੋਂ ਕਿਹਾ ਕਿ ਇਹ ਵਿਕਾਸ ਕਾਰਜ ਨਿਰਧਾਰਤ ਸਮੇਂ-ਸੀਮਾਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰੀ ਨਾਗਰਿਕਾਂ ਸਹੂਲਤਾਂ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਸ੍ਰੀਮਤੀ ਦੀਪਤੀ ਉੱਪਲ, ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਜਗਦੀਪ ਸਹਿਗਲ, ਕਮਿਸ਼ਨਰ ਨਗਰ ਨਿਗਮ ਮੁਹਾਲੀ ਸ. ਪਰਮਿੰਦਰ ਪਾਲ ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਸ. ਅਨਮੋਲ ਸਿੰਘ ਧਾਲੀਵਾਲ, ਚੀਫ ਇੰਜੀਨੀਅਰ ਸ੍ਰੀ ਨਰੇਸ਼ ਬੱਤਾ ਅਤੇ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।
———-























