Punjab Government ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ
ਦੂਜੀ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ‘ਤੇ ਹੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਚੰਡੀਗੜ, 3 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫ਼ਰੀਕਾ ਵਿਖੇ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਸਨ, ਜੋ ਪ੍ਰਾਪਰਟੀ, ਨਾਜਾਇਜ਼ ਕਬਜ਼ਿਆਂ ਅਤੇ ਵਿਆਹ ਮਾਮਲਿਆਂ ਨਾਲ ਸੰਬੰਧਤ ਸਨ।
ਅੱਜ ਸਵੇਰੇ 11:00 ਵਜੇ ਕੀਤੀ ਦੂਜੀ ਆਨਲਾਈਨ ਐਨ.ਆਰ.ਆਈ. ਮਿਲਣੀ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਇਸ ਵਿਲੱਖਣ ਸੇਵਾ ਰਾਹੀਂ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਲਗਾਤਾਰ ਨਿਪਟਾਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਹੋਇਆ ਕਰੇਗੀ।
ਸ. ਧਾਲੀਵਾਲ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।
ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
——-