Punjab ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪਾਸ ਕੀਤੀ JEE Advanced ਪ੍ਰੀਖਿਆ
“ਵਿਦਿਆਰਥੀਆਂ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ” – ਸਿੱਖਿਆ ਮੰਤਰੀ ਹਰਜੋਤ ਬੈਂਸ

ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਕਾਨਪੁਰ (IIT ਕਾਨਪੁਰ) ਵੱਲੋਂ JEE ਐਡਵਾਂਸਡ 2025 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦਾ ਨਤੀਜਾ ਬੀਤੇ ਕੱਲ ਯਾਨੀ 2 ਜੂਨ 2025 ਨੂੰ ਜਾਰੀ ਕੀਤਾ ਗਿਆ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹਨ। ਹੁਣ ਇਹ ਸਾਰੇ ਆਈਆਈਟੀ ਤੋਂ ਪੜ੍ਹਾਈ ਕਰਕੇ ਆਪਣੇ ਸੁਪਨੇ ਪੂਰੇ ਕਰਨਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵੀਡੀਓ ਸਾਂਝਾ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ। ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਆਮ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਦੇ ਘਰ ਦੀ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਵੀ ਘੱਟ ਹੈ। ਅਜਿਹੇ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਸੀ। ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਲਈ ਚੰਗੀ ਕੋਚਿੰਗ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























