Punjab Government ਵਲੋਂ ਜਲੰਧਰ ’ਚ ਮਨਾਇਆ ਜਾਵੇਗਾ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ- ਮਹਿੰਦਰ ਭਗਤ
ਕੈਬਨਿਟ ਮੰਤਰੀ ਵਲੋਂ ਰਾਜ ਪੱਧਰੀ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 7 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਵਸ ਜਲੰਧਰ ਵਿਖੇ ਰਾਜ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਸੰਤਾਂ, ਮਹਾਂਪੁਰਸ਼ਾਂ ਦੇ ਪ੍ਰਕਾਸ਼ ਉਤਸਵ ਧਾਰਮਿਕ ਰੀਤਾਂ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਕਤ ਰਾਜ ਪੱਧਰੀ ਸਮਾਗਮ ਸਬੰਧੀ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਰਾਜ ਪੱਧਰੀ ਸਮਾਗਮ ਅਤੇ ਇਸ ਤੋਂ ਪਹਿਲਾਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਸਜਾਈਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੌਰਾਨ ਸ਼ਹਿਰ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਮੋਬਾਈਲ ਟਾਇਲਟ ਯੂਨਿਟ, ਸਟਰੀਟ ਲਾਈਟਾਂ ਅਤੇ ਸਜਾਵਟ ਲਈ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੇ ਰੂਟ ਵਿੱਚ ਬਿਜਲੀ ਦੀਆਂ ਤਰ੍ਹਾਂ ਦੀ ਸੁਚੱਜੀ ਮੁਰੰਮਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਕੈਬਨਿਟ ਮੰਤਰੀ ਵਲੋਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਅਤੇ ਰਾਜ ਪੱਧਰੀ ਸਮਾਗਮ ਦੌਰਾਨ ਮੈਡੀਕਲ ਸਹੂਲਤ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਐਂਬੂਲੈਂਸ, ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਅਤੇ ਵਿਸ਼ਾਲ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੰਘਣ ਵਾਲੀ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਢੁੱਕਵੀਂ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ ਅਤੇ ਇਸ ਸਬੰਧੀ ਲੋਕਾਂ ਨੂੰ ਪਹਿਲਾਂ ਜਾਗਰੂਕ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੰਟਰੋਲ ਰੂਮ ਸਥਾਪਤ ਕੀਤੇ ਜਾਣ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਪਸੀ ਤਾਲਮੇਲ ਨਾਲ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਨਗਰ ਨਿਗਮ ਵਿਨੀਤ ਧੀਰ, ਵਿਧਾਇਕ ਰਮਨ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਪਾਲ ਸਿੰਘ, ਚੇਅਰਮੈਨ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬੱਸੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਅਤੇ ਸਟੀਫ਼ਨ ਕਲੇਰ ਤੋਂ ਇਲਾਵਾ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸਭਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।