ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਗਠਿਤ 7-ਮੈਂਬਰੀ ਤਾਲਮੇਲ ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਵਿਵਸਥਾਵਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਭਲਕੇ 18 ਨਵੰਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਮੀਟਿੰਗ ਕਰੇਗੀ।
ਇਹ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਵਾਂ ਕਮੇਟੀਆਂ ਦਰਮਿਆਨ ਸੁਹਿਰਦ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਸਿੱਧੀ ਗੱਲਬਾਤ ਹੋ ਸਕੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਸ ਅਹਿਮ ਮਾਮਲੇ ‘ਤੇ ਸਾਰਥਕ ਚਰਚਾ ਕਰਨਾ ਅਤੇ ਲੋੜ ਅਨੁਸਾਰ ਐਕਟ ਵਿੱਚ ਢੁਕਵੀਆਂ ਸੋਧਾਂ ਬਾਰੇ ਸਹਿਮਤੀ ਬਣਾਉਣਾ ਹੈ।
ਸੂਬਾ ਸਰਕਾਰ ਵੱਲੋਂ ਗਠਿਤ ਇਸ ਉੱਚ-ਪੱਧਰੀ ਸੱਤ-ਮੈਂਬਰੀ ਤਾਲਮੇਲ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ, ਆਈਪੀਐਸ (ਸੇਵਾਮੁਕਤ) ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।























