PUNJAB: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ
ਲੋਕਾਂ ਨੂੰ ਉੱਚ ਪੱਧਰ ਦੀਆਂ ਮਿਆਰੀ ਸਿਹਤ ਸੇਵਾਵਾਂ ਦੇਣ ਦੀਆਂ ਹਦਾਇਤਾਂ
ਮੋਹਾਲੀ, 21 ਫ਼ਰਵਰੀ (ਸਤੀਸ਼ ਕੁਮਾਰ ਪੱਪੀ) ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ’ਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ, ਮੈਡੀਕਲ ਸਾਜ਼ੋ-ਸਮਾਨ ਦੀ ਉਪਲਭਧਤਾ ਬਾਰੇ ਜਾਣਕਾਰੀ ਲਈ ਅਤੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ, ਜਾਂਚ ਤੇ ਇਲਾਜ ਬਾਰੇ ਜਾਣਿਆ ਅਤੇ ਅਪਣੀ ਕੀਮਤੀ ਸਲਾਹ ਵੀ ਦਿਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲਈ ਲੋਕਾਂ ਦੀ ਤੰਦਰੁਸਤੀ ਪਹਿਲੀ ਤਰਜੀਹ ਹੈ ਜਿਸ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਡਾ. ਬਲਬੀਰ ਸਿੰਘ ਨੇ ਡਾਕਟਰਾਂ ਸਮੇਤ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪੂਰੀ ਤਰਜੀਹ ਦਿਤੀ ਜਾਵੇ ਅਤੇ ਉਨ੍ਹਾਂ ਦੀ ਜਾਂਚ ਤੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਚੀ ਬਣਾਉਣ ਸਮੇਤ ਬਾਕੀ ਕਾਗ਼ਜ਼ੀ ਕਾਰਵਾਈ ਬਾਅਦ ਵਿਚ ਵੀ ਮੁਕੰਮਲ ਕੀਤੀ ਜਾ ਸਕਦੀ ਹੈ.ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਵਾਰਡਾਂ, ਪਖਾਨਿਆਂ ਅਤੇ ਵਿਹੜੇ ਵਿਚ ਸਾਫ਼-ਸਫ਼ਾਈ ਵਲ ਹੋਰ ਧਿਆਨ ਦੇਣ ਦੀ ਲੋੜ ’ਤੇ ਵੀ ਜ਼ੋਰ ਦਿਤਾ ! ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਮੈਡੀਕਲ ਸੁਪਰਡੈਂਟ ਡਾ. ਨਵਦੀਪ ਸਿੰਘ ਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।