Punjab: ਰਿਸ਼ਵਤਖੋਰੀ ਮਾਮਲੇ ਵਿੱਚ ਸਾਬਕਾ DIG ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ
ਚੰਡੀਗੜ੍ਹ, 24 ਦਸੰਬਰ 2025 (ਵਿਸ਼ਵਵਰਤਾ) – ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ (Punjab) ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ, ਜਿਸ ਤੋਂ ਬਾਅਦ ਅਦਾਲਤ ਨੇ ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਦਿੰਦਿਆਂ ਅਗਲੀ ਸੁਣਵਾਈ 2 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਦੱਸ ਦਈਏ ਕਿ ਭੁੱਲਰ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਨੂੰ ਆਪਣੀ ਪਟੀਸ਼ਨ ‘ਚ ਗ਼ਲਤ ਦੱਸਿਆ ਹੈ। ਉੱਥੇ ਹੀ ਸੀਬੀਆਈ ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਅੱਜ ਦੀ ਸੁਣਵਾਈ ਲਈ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਇੱਥੇ ਇਹ ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਭੁੱਲਰ ਦੀ ਜ਼ਮਾਨਤ ਅਰਜ਼ੀ ਪਹਿਲਾਂ ਰੱਦ ਹੋ ਚੁੱਕੀ ਹੈ।

ਭੁੱਲਰ ਦਾ ਦਾਅਵਾ ਹੈ ਕਿ ਸੀਬੀਆਈ ਨੇ (Punjab) ਪੰਜਾਬ ਸਰਕਾਰ ਤੋਂ ਪਹਿਲਾਂ ਇਜਾਜ਼ਤ ਲੈਣ ਦੀ ਥਾਂ ਉਨ੍ਹਾਂ ‘ਤੇ ਮੋਹਾਲੀ ਵਿੱਚ ਕਾਰਵਾਈ ਕੀਤੀ। ਹਾਲਾਂਕਿ, ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਜ਼ਬਤੀਆਂ ਚੰਡੀਗੜ੍ਹ ਵਿੱਚ ਕੀਤੀਆਂ ਗਈਆਂ ਸਨ, ਅਤੇ ਇਸ ਲਈ ਕਾਰਵਾਈ ਗਲਤ ਨਹੀਂ ਸੀ।
ਇਸ ਤੋਂ ਪਹਿਲਾਂ 19 ਦਸੰਬਰ ਨੂੰ ਸੁਪਰੀਮ ਕੋਰਟ ਨੇ ਭੁੱਲਰ ਦੀ ਅੰਤ੍ਰਿਮ ਰਾਹਤ ਦੀ ਮੰਗ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਇਸ ਤੋਂ ਬਾਅਦ ਭੁੱਲਰ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅੰਤ੍ਰਿਮ ਰਿਹਾਈ ਦੀ ਰਾਹਤ ਨਾ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।
ਸੀਬੀਆਈ ਨੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ (Punjab) ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਇੱਕ ਵਿਚੋਲੇ ਕ੍ਰਿਸ਼ਨੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਆਈਜੀ ਦੇ ਘਰ ਦੀ ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਦੀ ਨਕਦੀ, ਗਹਿਣੇ ਅਤੇ ਸ਼ਰਾਬ ਬਰਾਮਦ ਹੋਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























